ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਰਹਿਣ ਵਾਲੇ ਇਕ ਹੋਟਲ ਦੇ ਮਾਲਕ ‘ਤੇ ਆਪਣੀ ਪਤਨੀ ਨੂੰ ਪਰੇਸ਼ਾਨ ਕਰਨ ਦੇ ਇਲਜ਼ਾਮ ਲੱਗੇ ਹਨ। ਉਸਦੀ ਪਤਨੀ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਲੁਧਿਆਣਾ ਦੇ ਹੀ ਦੇਵ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।ਵਿਆਹੁਤਾ ਨੇ ਕੋਈ ਜ਼ਹਿਰੀਲੀ ਚੀਜ਼ ਨਿਘਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ। ਹਾਲਾਂਕਿ ਇਲਾਜ ਤੋਂ ਬਾਅਦ ਉਹ ਠੀਕ ਹੈ, ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਵਿਆਹੁਤਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਪੰਜ ਸਾਲ ਪਹਿਲਾਂ ਉਹਨਾਂ ਨੇ ਚੰਡੀਗੜ੍ਹ ਰੋਡ ਸਥਿਤ ਰਹਿਣ ਵਾਲੇ ਰਾਜ ਮਲਹੋਤਰਾ ਦੇ ਬੇਟੇ ਰਾਹੁਲ ਮਲਹੋਤਰਾ ਦੇ ਨਾਲ ਆਪਣੀ ਬੇਟੀ ਦਾ ਵਿਆਹ ਕੀਤਾ ਸੀ। ਪਰ ਵਿਆਹ ਤੋਂ ਬਾਅਦ ਉਹਨਾਂ ਦੀ ਧੀ ਨੇ ਬੇਟੀ ਨੂੰ ਜਨਮ ਦਿੱਤਾ। ਜਿਸ ਤੋਂ ਬਾਅਦ ਤੋਂ ਹੀ ਉਸ ਨੂੰ ਸਹੁਰਾ ਪਰਿਵਾਰ ਤੰਗ ਪਰੇਸ਼ਾਨ ਕਰ ਰਿਹਾ ਸੀ।
ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾਰ ਦੇ ਦਫ਼ਤਰ ਵਿੱਚ ਉਹਨਾਂ ਦੇ ਪਰਿਵਾਰ ਦੇ ਨਾਲ ਦੋ ਵਾਰ ਸਮਝੌਤਾ ਹੋਇਆ ਸੀ। ਪਰ ਇਸ ਦੇ ਬਾਵਜੂਦ ਉਹ ਨਹੀਂ ਹਟੇ। ਜਿਸ ਤੋਂ ਤੰਗ ਹੋ ਕੇ ਉਹਨਾਂ ਦੀ ਧੀ ਨੇ ਅੱਜ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਉਧਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੀ ਲੜਕੀ ਨੇ ਵੀ ਆਪਣੇ ਬਿਆਨ ਪੁਲਿਸ ਨੂੰ ਦਰਜ ਕਰਵਾਏ ਹਨ। ਲੁਧਿਆਣਾ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ ਸੱਤ ਦੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਦੀ ਗੱਲ ਕੀਤੀ ਹੈ।