ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜ ਨਵੇਂ ਵਜ਼ੀਰਾਂ ਨੇ ਚੁੱਕੀ ਸਹੁੰ, ਕਿਹਾ- ਪੂਰੀ ਇਮਾਨਦਾਰੀ ਨਾਲ ਕਰਾਂਗੇ ਕੰਮ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਮੰਤਰੀ ਮੰਡਲ ਵਿੱਚ ਚੌਥੀ ਵਾਰ ਫੇਰਬਦਲ ਹੋਇਆ ਹੈ। ਚਾਰ ਕੈਬਨਿਟ ਮੰਤਰੀਆਂ ਦੇ ਅਸਤੀਫੇ ਤੋਂ ਬਾਅਦ 5 ਨਵੇਂ ਚਿਹਰਿਆਂ ਨੂੰ ਜਗ੍ਹਾ ਮਿਲੀ ਹੈ। ਪੰਜ ਨਵੇਂ ਮੰਤਰੀਆਂ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ ਹੈ। ਹਰਦੀਪ ਸਿੰਘ ਮੁੰਡੀਆ ਨੇ ਸਭ ਤੋਂ ਪਹਿਲਾਂ ਸਹੁੰ ਚੁੱਕੀ। ਰਾਜਪਾਲ ਗੁਲਾਬਚੰਦ ਕਟਾਰੀਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਕੁਮਾਰ ਗੋਇਲ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।
ਖੰਨਾ ਦੇ ਵਿਧਾਇਕ ਤਰਨਪ੍ਰੀਤ ਸਿੰਘ ਸੌਂਧ ਨੇ ਸਹੁੰ ਚੁੱਕੀ। ਇਸ ਵਾਰ ਲੁਧਿਆਣਾ ਤੋਂ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਸ਼ਾਮਚੌਰਾਸੀ ਦੇ ਵਿਧਾਇਕ ਡਾ.ਰਵਜੋਤ ਸਿੰਘ ਨੇ ਸਹੁੰ ਚੁੱਕੀ। ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਜਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ – ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ… ਸਾਰੇ ਨਵ-ਨਿਯੁਕਤ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ…
ਮੈਨੂੰ ਉਮੀਦ ਹੈ ਕਿ ਨਵੇਂ ਮੰਤਰੀ ਸਾਹਿਬਾਨ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ… ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਦੇ ਹੋਏ ਪੰਜਾਬ ਨੂੰ ਫ਼ਿਰ ਤੋਂ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ…।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸੰਪਰਕ, ਮਾਈਨਿੰਗ ਅਤੇ ਬਾਗਬਾਨੀ ਵਿਭਾਗ ਸੰਭਾਲ ਰਹੇ ਚੇਤਨ ਸਿੰਘ ਜੌੜਾਮਾਜਰਾ, ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਦੇ ਅਸਤੀਫੇ ਲੈ ਲਏ ਸਨ।
Punjab new five minister political news aap cmmann latest news


