CM ਮਾਨ ਨੇ ਕਿਹਾ- ਪੰਜਾਬ ਪੁਲਿਸ ਨੇ ਬਚਾਈ ਸੁਖਬੀਰ ਦੀ ਜਾਨ, ਵਿਰੋਧੀ ਕਹਿੰਦੇ-ਪੰਜਾਬ ਪੁਲਿਸ ਤੇ ਸਰਕਾਰ ਫੇਲ੍ਹ
ਵੀਓਪੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਰਿਮੰਦਰ ਸਾਹਿਬ ‘ਚ ਚੱਲੀ ਗੋਲੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕਿਆ। ਸੀਐੱਮ ਮਾਨ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।
ਸੀਐਮ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋ ਗਈ ਹੈ। ਪੁਲਿਸ ਨੇ ਮੁਸਤੈਦੀ ਨਾਲ ਹਮਲਾਵਰ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।” ਉਨ੍ਹਾਂ ਅੱਗੇ ਲਿਖਿਆ, “ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਮੈਂ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਰਿਪੋਰਟ ਦੇਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।”
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ‘ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, ”ਅਸੀਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਸਭਿਅਕ ਸਮਾਜ ਵਿੱਚ ਹਿੰਸਾ ਅਤੇ ਅਜਿਹੇ ਹਮਲਿਆਂ ਦੀ ਕੋਈ ਥਾਂ ਨਹੀਂ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਸੁਖਬੀਰ ਬਾਦਲ ਜ਼ਖਮੀ ਨਹੀਂ ਹੋਏ ਅਤੇ ਸੁਰੱਖਿਅਤ ਹਨ। ਮੈਂ ਪੰਜਾਬ ਪੁਲਿਸ ਦਾ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਸੁਖਬੀਰ ਬਾਦਲ ਨੂੰ ਬਚਾਇਆ। ਪੰਜਾਬ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ, ਪੰਜਾਬ ਪੁਲਿਸ ਤੁਹਾਨੂੰ ਦੱਸੇਗੀ।
ਉੱਥੇ ਹੀ ਦੂਜੇ ਪਾਸੇ ਸਿਆਸੀ ਵਿਰੋਧੀਆਂ ਦਾ ਕਹਿਣਾ ਹੈ ਕਿ ਇਹ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਵੱਡੀ ਨਾਕਾਮੀ ਹੈ। ਜਦੋਂ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ‘ਤੇ ਕੋਈ ਸ਼ਰੇਆਮ ਆ ਕੇ ਇੱਕ ਇੰਨੇ ਵੱਡੇ ਲੀਡਰ ਜਾ ਕਹਿ ਲਓ ਕਿ ਸੇਵਾਦਾਰ ‘ਤੇ ਗੋਲੀ ਚਲਾ ਦਿੰਦਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਖੂਫੀਆ ਏਜੰਸੀਆਂ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਫੇਲ੍ਹ ਹੋ ਜਾਂਦੀਆਂ ਨੇ ਇਸ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਬਣਦਾ ਜਵਾਬ ਦੇਣਾ ਚਾਹੀਦਾ ਹੈ।