ਪੰਜਾਬ ਦੇ ਕਿਸਾਨ ਇਸ ਵੇਲੇ ਸ਼ੰਭੂ ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ ਨੇ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ 24 ਘੰਟੇ ਨਜ਼ਰ ਰੱਖਣ ਲਈ ਡਾਕਟਰਾਂ ਵੱਲੋਂ ਮਸ਼ੀਨਾਂ ਲਗਾਈਆਂ ਗਈਆਂ ਹਨ।
ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਇੰਝ ਹੋ ਚੁੱਕੀ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੀ ਸਮੇਂ ਵਿਗੜ ਸਕਦੀ ਹੈ।
ਜਿਸ ਕਾਰਨ ਮੋਰਚੇ ’ਤੇ ਬੈਠੇ ਕਿਸਾਨ ਆਗੂਆਂ ਵੱਲੋਂ ਚਿੰਤਾ ਜਤਾਈ ਗਈ ਹੈ। ਬੀਤੇ ਦਿਨ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ‘ਚ ਖਨੌਰੀ ਸਰਹੱਦ ‘ਤੇ ਮੌਜੂਦ ਸਮੂਹ ਕਿਸਾਨਾਂ ਨੇ ਮੰਗਲਵਾਰ ਸਵੇਰ ਤੋਂ ਹੀ ਭੁੱਖ ਹੜਤਾਲ ਕੀਤੀ।
ਇਨ੍ਹਾਂ ਤੋਂ ਇਲਾਵਾ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ’ਚ ਵੀ ਪੂਰੇ ਪਿੰਡ ਵੱਲੋਂ ਭੁੱਖ ਹੜਤਾਲ ਕੀਤੀ ਗਈ।ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਈ 14 ਦਸੰਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬਾਰਡਰ ਤੋਂ ਅੱਗੇ ਨਹੀਂ ਜਾਣ ਦਿੱਤਾ।ਕਿਸਾਨ ਅੰਦੋਲਨ ਨਾਲ ਸਬੰਧਤ ਫੋਟੋਆਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) ‘ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਪਹੁੰਚ ਵੀ ਘਟ ਗਈ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਦੱਸਿਆ ਕਿ ਜਦੋਂ ਮੰਗਲਵਾਰ ਨੂੰ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਪਾਉਣੀ ਸ਼ੁਰੂ ਕੀਤੀ ਤਾਂ ਉਹ ਅਪਲੋਡ ਨਹੀਂ ਹੋਈ। ਫਿਰ ਉਨ੍ਹਾਂ ਨੂੰ ਪਤਾ ਲੱਗਾ ਕਿ ਫੇਸਬੁੱਕ ਪੇਜ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦਾ ਪੇਜ ਬੰਦ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਸਭ ਕੁਝ ਕਰ ਰਹੀ ਹੈ। ਮੰਗਲਵਾਰ ਨੂੰ ਹੀ ਲੋਕਾਂ ਨੂੰ ਕਿਸਾਨਾਂ ਦੇ ਸਮਰਥਨ ‘ਚ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਨ ਲਈ ਕਿਹਾ ਗਿਆ ਸੀ।