ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਦਾ ਛੇਵਾਂ ਦਿਨ; ਸਰਕਾਰ ਦੇ ਖਿਲਾਫ ਵਰਦੇ ਮੀਹ ਵਿੱਚ ਜਮਕੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ 27 ਦਸੰਬਰ (000000) ਸੰਗਰੂਰ ਦੇ ਡੀਸੀ ਦਫਤਰ ਅੱਗੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪਿਛਲੇ 119ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕ ਆਗੂ ਜੋਨੀ ਸਿੰਗਲਾ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਛੇਵੇਂ ਦਿਨ ਵਿੱਚ ਦਾਖਿਲ ਹੋ ਗਿਆ ।


ਅੱਜ ਵੱਡੀ ਗਿਣਤੀ ਵਿੱਚ ਜਲੰਧਰ ਜਿਲੇ ਦੇ ਕੰਪਿਊਟਰ ਅਧਿਆਪਕਾਂ ਨੇ ਕੈਬਨਟ ਮੰਤਰੀ ਮਹਿੰਦਰ ਭਗਤ ਦੀ ਕੋਠੀ ਅੱਗੇ ਵਰਦੇ ਮੀਹ ਵਿੱਚ ਆਪਣੇ ਹੱਕਾਂ ਸਬੰਧੀ ਆਵਾਜ਼ ਬੁਲੰਦ ਕੀਤੀ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਮੈਂਬਰ ਸੁਸ਼ੀਲ ਅੰਗੁਰਲ, ਸੁਨੀਤ ਸਰੀਨ , ਰਜਨੀ,ਮਨਜੀਤ ਕੌਰ, ਦਿਸ਼ਕਰਨ ਕੌਰ, ਰੇਨੂਕਾ, ਸਾਰਿਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਉਨਾਂ ਦੇ ਨਾਲ ਲਗਾਤਾਰ ਲਾਰੇ-ਲੱਪੇ ਵਾਲੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੇ ਚਲਦੇ ਕੰਪਿਊਟਰ ਅਧਿਆਪਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿਹੜੇ ਨੇ ਤਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਸਰਕਾਰ ਬਣਨ ਤੇ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ ਵੱਡੇ ਵਾਅਦੇ ਕਰ ਰਹੇ ਸਨ ਉਹ ਅੱਜ ਉਹਨਾਂ ਦੇ ਨਾਲ ਗੱਲ ਕਰਨ ਦੇ ਲਈ ਵੀ ਤਿਆਰ ਨਹੀਂ ਹਨ।
ਉਹਨਾਂ ਦੱਸਿਆ ਕਿ ਜਲੰਧਰ ਤੋਂ ਕੈਬਨਟ ਮੰਤਰੀ ਮਹਿੰਦਰ ਭਗਤ ਜੀ ਨੇ ਵੀ ਵੋਟਾਂ ਤੋਂ ਪਹੇਲਾ ਉਹਨਾਂ ਦੀ ਰੈਲੀ ਵਿੱਚ ਆ ਕੇ ਉਹਨਾਂ ਦਾ ਮਸਲਾ ਵੋਟਾਂ ਤੋਂ ਬਾਅਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਸੀ। ਹੁਣ ਕੈਬਨਟ ਮੰਤਰੀ ਬਣਨ ਤੋਂ ਬਾਅਦ ਉਹਨਾਂ ਵੀ ਕੰਪਿਊਟਰ ਅਧਿਆਪਕਾਂ ਦੀ ਅਜੇ ਤੱਕ ਕੋਈ ਸਾਰ ਨਹੀਂ ਲਿੱਤੀ।ਉਹਨਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦੀ ਲੜਾਈ ਨਿਰਨਾਇਕ ਮੋੜ ਤੇ ਪਹੁੰਚ ਚੁੱਕੀ ਹੈ ਅਤੇ ਉਹ ਖਾਲੀ ਹੱਥ ਵਾਪਸ ਮੁੜਨ ਵਾਲੇ ਨਹੀਂ ਹਨ । ਇਸ ਮੌਕੇ ਜਿਲੇ ਭਰ ਤੋਂ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਆਵਾਜ਼ ਵੀ ਬੁਲੰਦ ਕੀਤੀ।
ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਹਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਅਤੇ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦਾ ਵਿੱਤੀ ਲਾਭ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।

error: Content is protected !!