ASI ਤੇ ਹੈੱਡ ਕਾਂਸਟੇਬਲ 50 ਹਜ਼ਾਰ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ASI ਤੇ ਹੈੱਡ ਕਾਂਸਟੇਬਲ 50 ਹਜ਼ਾਰ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਬਰਨਾਲਾ (ਵੀਓਪੀ ਬਿਊਰੋ) Punjab, corruption, news ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖਿਲਾਫ ਕਾਰਵਾਈ ਚਲਾਈ ਹੋਈ ਹੈ। ਇਸ ਦੌਰਾਨ ਵੱਡੇ ਪੱਧਰ ‘ਤੇ ਕਾਰਵਾਈਆਂ ਹੋ ਰਹੀਆਂ ਹਨ। ਅੱਜ ਬਰਨਾਲਾ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੋਇਆ ਸੀ, ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਏਐੱਸਆਈ ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

error: Content is protected !!