ਸਿੱਖ ਕੁੜੀ ਨੂੰ ਜੱਜ ਦਾ ਪੇਪਰ ਦੇਣ ਤੋਂ ਰੋਕਿਆ, ਕਹਿੰਦੇ-ਕੜਾ-ਕਿਰਪਾਨ ਨਹੀਂ Allow, ਸਿੱਖ ਆਗੂਆਂ ਨੇ ਕਿਹਾ-ਇਹ ਨਫਰਤ ਦੀ ਝਲਕ
ਅੰਮ੍ਰਿਤਸਰ (ਵੀਓਪੀ ਬਿਊਰੋ) Punjab, civil exam, sikh girl ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿ ਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ ਕਰਾਰ ਦਿੱਤਾ ਹੈ।
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਾ ਕਰਦਿਆਂ ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਦੱਸਣ ਵਾਲੀ ਭਾਜਪਾ ਦੱਸੇ ਕਿ ਉਹ ਕਿਵੇਂ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮ੍ਰਿਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ, ਲੇਕਿਨ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਦੀ ਭਰਤੀ ਵੇਲੇ ਸਿੱਖਾਂ ਨਾਲ ਵਿਤਕਰੇ ਦੇ ਮਾਮਲੇ ਜੈਪੁਰ ਤੇ ਜੋਧਪੁਰ ਤੋਂ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਸਬੰਧੀ ਸਰਕਾਰ ਨਾਲ ਲਿਖਾ-ਪੜ੍ਹੀ ਵੀ ਕੀਤੀ ਸੀ, ਇਸ ਦੇ ਬਾਵਜੂਦ ਇਸ ਸਾਲ ਫਿਰ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਵਿੱਚ ਦਾਖਲੇ ਤੋਂ ਰੋਕਿਆ ਗਿਆ ਹੈ।
ਜਥੇਦਾਰ ਗੜਗੱਜ ਨੇ ਕਿ ਕਿਹਾ ਅੱਜ ਜਦੋਂ ਤਿਲਕ ਤੇ ਜੰਞੂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਸਰਕਾਰਾਂ ਇਸ ਨੂੰ ਸਮਰਪਿਤ ਸਮਾਗਮ ਕਰਵਾਉਣ ਦੇ ਦਾਅਵੇ ਕਰ ਰਹੀਆਂ ਹਨ, ਤਾਂ ਉੱਥੇ ਹੀ ਦੇਸ਼ ਅੰਦਰ ਉਨ੍ਹਾਂ ਦੇ ਸਿੱਖਾਂ ਦੇ ਕਕਾਰਾਂ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਇਹ ਦੱਸਣ ਕਿ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਿੱਖਾਂ ਨਾਲ ਅਜਿਹਾ ਵਿਤਕਰਾ ਕਰਕੇ ਕੀ ਉਨ੍ਹਾਂ ਨੂੰ ਸੱਚੀ ਸਰਧਾਂਜਲੀ ਦਿੱਤੀ ਜਾ ਰਹੀ ਹੈ?






