ਹੜ੍ਹ ਨਾਲ ਪ੍ਰਭਾਵਿਤ ਪੰਜਾਬੀਆਂ ਦਾ ਹਾਲ ਪੁੱਛਣ ਪੰਜਾਬ ਆਉਣਗੇ PM ਨਰੇਂਦਰ ਮੋਦੀ

ਹੜ੍ਹ ਨਾਲ ਪ੍ਰਭਾਵਿਤ ਪੰਜਾਬੀਆਂ ਦਾ ਹਾਲ ਪੁੱਛਣ ਪੰਜਾਬ ਆਉਣਗੇ PM ਨਰੇਂਦਰ ਮੋਦੀ

ਵੀਓਪੀ ਬਿਊਰੋ -ਪ੍ਰਧਾਨ ਮੰਤਰੀ ਨਰੇਂਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰਨਗੇ।

 

ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਪੰਜਾਬ ਦੇ ਹੜ੍ਹਾਂ ਦੀ ਹਾਲਾਤ ਕਾਰਨ ਚਿੰਤਤ ਹਨ ਤੇ ਉਹ ਲਗਾਤਾਰ ਪੰਜਾਬ ਦੇ ਹੜ੍ਹਾਂ ‘ਤੇ ਨਜ਼ਰ ਬਣਾਏ ਹੋਏ ਹਨ। ਉਹ ਸਥਾਨਕ ਹਾਲਾਤਾਂ ਦਾ ਜਾਇਜ਼ਾ ਲੈਣ ਲਈ 9 ਸਤੰਬਰ ਨੂੰ ਪੰਜਾਬ ਆ ਰਹੇ ਹਨ ਤਾਂ ਜੋ ਜ਼ਮੀਨੀ ਹਕੀਕਤਾਂ ਨੂੰ ਸਮਝ ਕੇ ਪੰਜਾਬ ਦੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਜਦਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਜੀ ਨੂੰ ਪੰਜਾਬ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਸੀ।

ਉਨ੍ਹਾਂ ਨੇ ਅੱਗੇ ਲਿਖਿਆ ਕਿ ਕੇਂਦਰ ਸਰਕਾਰ ਦੀਆ 2 ਟੀਮਾਂ ਜੋ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈਆਂ ਸੀ, ਦੌਰੇ ਤੋਂ ਬਾਅਦ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣ ਜਾ ਰਹੀਆਂ ਹਨ। ਭਾਰਤ ਸਰਕਾਰ ਪੰਜਾਬ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ।

ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਅਧਿਕਾਰੀ ਨੇ ਕਿਹਾ ਕਿ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ, ਜਦੋਂ ਕਿ 1.75 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ‘ਤੇ ਖੜ੍ਹੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਸ਼ ਕਾਰਨ ਪੰਜਾਬ ਵਿੱਚ ਵਗਦੇ ਰਾਵੀ, ਸਤਲੁਜ, ਬਿਆਸ ਨਦੀਆਂ ਓਵਰਫਲੋ ਹੋ ਗਈਆਂ ਹਨ। ਇਸ ਤੋਂ ਇਲਾਵਾ, ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਹੋਈ ਭਾਰੀ ਬਾਰਸ਼ ਨੇ ਸਥਿਤੀ ਨੂੰ ਹੋਰ ਚੁਣੌਤੀਪੂਰਨ ਬਣਾ ਦਿੱਤਾ ਹੈ।

error: Content is protected !!