ਭਾਰਤ-ਪਾਕਿ ਵਿਚਾਲੇ ਕ੍ਰਿਕਟ ਮੈਚ, ਲੋਕ ਬੋਲੇ-ਹੁਣ ਪਹਿਲਗਾਮ ਹਮਲਾ ਭੁੱਲ ਗਿਆ?

ਭਾਰਤ-ਪਾਕਿ ਵਿਚਾਲੇ ਕ੍ਰਿਕਟ ਮੈਚ, ਲੋਕ ਬੋਲੇ-ਹੁਣ ਪਹਿਲਗਾਮ ਹਮਲਾ ਭੁੱਲ ਗਿਆ?

India Pakistan cricket match

ਵੀਓਪੀ ਬਿਊਰੋ – ਕ੍ਰਿਕਟ ਦਾ ਏਸ਼ੀਆ ਕੱਪ ਸ਼ੁਰੂ ਹੋ ਗਿਆ ਹੈ ਅਤੇ ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਸ ਤੋਂ ਬਾਅਦ ਭਾਰਤ ਦਾ ਅਗਲਾ ਮੈਚ ਅੱਜ ਪਾਕਿਸਤਾਨ ਨਾਲ ਹੈ। ਸੂਰਿਆਕੁਮਾਰ ਯਾਦਵ ਦੀ ਅਗਵਾਈ ਹੇਠਲੀ ਭਾਰਤੀ ਕ੍ਰਿਕਟ ਟੀਮ ਐਤਵਾਰ ਨੂੰ ਇੱਥੇ ਪਾਕਿਸਤਾਨ ਖ਼ਿਲਾਫ਼ ਏਸ਼ੀਆ ਕੱਪ ਮੈਚ ਵਿੱਚ ਮਜ਼ਬੂਤ ਦਾਅਵੇਦਾਰ ਵਜੋਂ ਮੈਦਾਨ ’ਚ ਉਤਰੇਗੀ। ਰਾਤ ਅੱਠ ਵਜੇ ਸ਼ੁਰੂ ਹੋਣ ਵਾਲੇ ਇਸ ਮੈਚ ਵਿੱਚ ਦੋਹਾਂ ਟੀਮਾਂ ਦੇ ਸਪਿੰਨਰਾਂ ’ਤੇ ਨਜ਼ਰ ਰਹੇਗੀ।

ਇਸ ਮੈਚ ਤੋਂ ਪਹਿਲਾਂ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤ ਸ਼ੁਭਮ ਦਿਵੇਦੀ ਦੀ ਪਤਨੀ ਐਸ਼ਾਨਿਆ ਦਿਵੇਦੀ ਨੇ ਐਤਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਏਸ਼ੀਆ ਕੱਪ ਕ੍ਰਿਕਟ ਮੈਚ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਐਸ਼ਾਨਿਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਲੀਵਿਜ਼ਨ ’ਤੇ ਵੀ ਮੈਚ ਨਾ ਦੇਖਣ। ਉਸ ਨੇ ਕਿਹਾ, ‘ਮੈਂ ਲੋਕਾਂ ਨੂੰ ਇਸ ਦਾ ਬਾਈਕਾਟ ਕਰਨ ਦੀ ਅਪੀਲ ਕਰਦੀ ਹਾਂ। ਨਾ ਤਾਂ ਇਸ ਨੂੰ ਦੇਖਣ ਜਾਓ ਅਤੇ ਨਾ ਹੀ ਦੇਖਣ ਲਈ ਟੀਵੀ ਚਲਾਓ।’ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਨਿਖੇਧੀ ਕਰਦਿਆਂ ਉਸ ਨੇ ਕਿਹਾ ਕਿ ਬੋਰਡ ਅਤਿਵਾਦੀ ਹਮਲੇ ਵਿੱਚ ਮਾਰੇ ਗਏ 26 ਵਿਅਕਤੀਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ।

ਭਾਰਤੀ ਕ੍ਰਿਕਟ ਟੀਮ ’ਤੇ ਸਵਾਲ ਉਠਾਉਂਦਿਆਂ ਉਸ ਨੇ ਦਾਅਵਾ ਕੀਤਾ ਕਿ ਦੋ-ਤਿੰਨ ਕ੍ਰਿਕਟਰਾਂ ਨੂੰ ਛੱਡ ਕੇ ਕਿਸੇ ਵੀ ਖਿਡਾਰੀ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਮੈਚ ਦੇ ਬਾਈਕਾਟ ਦੀ ਮੰਗ ਨਹੀਂ ਕੀਤੀ। ਉਸ ਨੇ ਕਿਹਾ ਕਿ ਕ੍ਰਿਕਟਰਾਂ ਨੂੰ ਆਪਣੇ ਦੇਸ਼ ਲਈ ਸਟੈਂਡ ਲੈਣਾ ਚਾਹੀਦਾ ਹੈ। ਉਸ ਨੇ ਸਪਾਂਸਰਾਂ ਅਤੇ ਬ੍ਰਾਡਕਾਸਟਰਾਂ ’ਤੇ ਵੀ ਸਵਾਲ ਚੁੱਕੇ।

ਭਾਰਤ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਸਮੇਤ ਹੋਰ ਨੇਤਾਵਾਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਅਰਵਿੰਦ ਕੇਜਰੀਵਾਲ ਨੇ ਪੁੱਛਿਆ ਹੈ ਕਿ ਪ੍ਰਧਾਨ ਮੰਤਰੀ ਨੂੰ ਪਾਕਿਸਤਾਨ ਨਾਲ ਮੈਚ ਕਰਵਾਉਣ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਕਹਿ ਰਿਹਾ ਹੈ ਕਿ ਇਹ ਮੈਚ ਨਹੀਂ ਹੋਣਾ ਚਾਹੀਦਾ, ਫਿਰ ਇਹ ਮੈਚ ਕਿਉਂ ਕਰਵਾਇਆ ਜਾ ਰਿਹਾ ਹੈ। ਕੇਜਰੀਵਾਲ ਨੇ ਸਵਾਲ ਉਠਾਇਆ ਕਿ ਇਹ ਮੈਚ ਟਰੰਪ ਦੇ ਦਬਾਅ ਹੇਠ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਟਰੰਪ ਅੱਗੇ ਕਿੰਨਾ ਝੁਕਣਗੇ। ਦੂਜੇ ਪਾਸੇ, ਮਨੀਸ਼ ਸਿਸੋਦੀਆ ਨੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਸ਼ਹੀਦਾਂ ਦੇ ਖੂਨ ਤੋਂ ਕ੍ਰਿਕਟ ਦਾ ਜਨੂੰਨ ਕਦੋਂ ਤੋਂ ਵੱਡਾ ਹੋ ਗਿਆ ਹੈ।

ਸ਼ਿਵ ਸੈਨਾ (ਯੂ.ਬੀ.ਟੀ.) ਦੇ ਪ੍ਰਧਾਨ ਊਧਵ ਠਾਕਰੇ ਨੇ ਅੱਜ ਇੱਥੇ ਕਿਹਾ ਕਿ ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਣਾ ਰਾਸ਼ਟਰੀ ਭਾਵਨਾਵਾਂ ਦਾ ਅਪਮਾਨ ਹੈ। ਉਨ੍ਹਾਂ ਮਹਾਰਾਸ਼ਟਰ ਭਰ ਵਿੱਚ ‘ਸਿੰਧੂਰ ਪ੍ਰਦਰਸ਼ਨਾਂ’ ਦਾ ਐਲਾਨ ਵੀ ਕੀਤਾ। ਮੁੰਬਈ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਊਧਵ ਨੇ ਕਿਹਾ ਕਿ ਐਤਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਮੈਚ ਦਾ ਬਾਈਕਾਟ ਕਰਕੇ ਦੁਨੀਆ ਨੂੰ ਅਤਿਵਾਦ ’ਤੇ ਭਾਰਤ ਦੇ ਸਟੈਂਡ ਤੋਂ ਜਾਣੂ ਕਰਵਾਉਣ ਦਾ ਮੌਕਾ ਹੈ। ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਇਹ ਐਲਾਨ ਕਰਨ ਜਾ ਰਹੀ ਹੈ ਕਿ ‘ਅਪਰੇਸ਼ਨ ਸਿੰਧੂਰ’ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇਸ਼ ਭਗਤਾਂ ਨੂੰ ਕ੍ਰਿਕਟ ਮੈਚ ਨਾ ਦੇਖਣ ਦੀ ਅਪੀਲ ਕੀਤੀ।

error: Content is protected !!