ਪਹਿਲੀ ਵਾਰ ਗੁਰਪੁਰਬ ਮੌਕੇ ਪਾਕਿਸਤਾਨ ਜਾ ਰਹੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਵੀਓਪੀ ਬਿਊਰੋ – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤ ਵਿੱਚ ਕਾਫੀ ਉਤਸ਼ਾਹ ਹੈ। ਇਸ ਦੌਰਾਨ ਜਿੱਥੇ ਪੰਜਾਬ ਅਤੇ ਦੇਸ਼ ਭਰ ਦੇ ਗੁਰੂ ਘਰਾਂ ਵਿੱਚ ਰੌਣਕਾਂ ਤੇ ਤਿਆਰੀਆਂ ਚੱਲ ਰਹੀਆਂ ਨੇ, ਉੱਥੇ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਦਰਸ਼ਨਾਂ ਲਈ ਵੀ ਸਿੱਖ ਸੰਗਤ ਤਿਆਰ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਬਣਨ ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨ ਵਿੱਚ ਗੁਰੂਧਾਮਾਂ ਦੇ ਦਰਸ਼ਨ ਲਈ ਜਾਣਗੇ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਮਿਲ ਕੇ 4 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ। ਇਹ ਜਥਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ, ਜੋ ਸ੍ਰੀ ਨਨਕਾਣਾ ਸਾਹਿਬ ਵਿਖੇ 5 ਨਵੰਬਰ ਨੂੰ ਮਨਾਏ ਜਾਣੇ ਹਨ।
ਮਿਥੇ ਪ੍ਰੋਗਰਾਮ ਅਨੁਸਾਰ ਜਥਾ 4 ਨਵੰਬਰ ਨੂੰ ਵਾਹਗਾ ਬਾਰਡਰ ਰਾਹੀਂ ਸੜਕੀ ਮਾਰਗ ਦੁਆਰਾ ਪਾਕਿਸਤਾਨ ਜਾਵੇਗਾ। ਸੰਗਤਾਂ ਵੱਲੋਂ 5 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਮਗਰੋਂ 6 ਨਵੰਬਰ ਨੂੰ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਪਹੁੰਚੇਗਾ, ਜਿੱਥੇ 7 ਨਵੰਬਰ ਨੂੰ ਦਰਸ਼ਨ ਦੀਦਾਰੇ ਕੀਤੇ ਜਾਣਗੇ। 8 ਅਤੇ 9 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ, ਜਦਕਿ 10 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੂੜੀ ਸਾਹਿਬ ਅਤੇ ਫਿਰ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਦਰਸ਼ਨ ਕਰਨਗੇ। ਜਥਾ 13 ਨਵੰਬਰ ਨੂੰ ਵਾਹਗਾ ਰਾਹੀਂ ਭਾਰਤ ਵਾਪਸ ਆ ਜਾਵੇਗਾ।
ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਇਸ ਪਹਿਲੇ ਪਾਕਿਸਤਾਨ ਦੌਰੇ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ਅਨੁਸਾਰ ਗੁਰਪੁਰਬ ਮਨਾਉਣ ਦੇ ਮੁੱਦੇ ‘ਤੇ ਗੱਲਬਾਤ ਹੋਣ ਦੀ ਉਮੀਦ ਹੈ। ਪਾਕਿਸਤਾਨੀ ਕਮੇਟੀ ਲੰਮੇ ਸਮੇਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦੁਬਾਰਾ ਲਾਗੂ ਕਰਨ ਦੀ ਮੰਗ ਕਰਦੀ ਆ ਰਹੀ ਹੈ।
ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ 4 ਤਰੀਕ ਨੂੰ ਜੱਥਾ ਰਵਾਨਾ ਹੋਵੇਗਾ ਅਤੇ 13 ਨਵੰਬਰ ਨੂੰ ਵਾਪਸੀ ਹੋਵੇਗੀ। ਇਸ ਯਾਤਰਾ ਦੇ ਲਈ 1796 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ।


