ਸਰਕਾਰ ਚੋਣਾਂ ‘ਚ ਕਰ ਰਹੀ ਧੱਕਾ, ਵਾਧੂ ਬੈਲਟ ਪੇਪਰ ਛਪਵਾਏ: MP ਚੰਨੀ

ਵੀਓਪੀ ਬਿਊਰੋ – MP ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ‘ਤੇ ਮੁੜ ਵੱਡਾ ਇਲਜ਼ਾਮ ਲਗਾਇਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। MP ਚਰਨਜੀਤ ਸਿੰਘ ਚੰਨੀ ਨੇ ਇਲਜ਼ਾਮ ਲਾਉਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੇ ਲਈ ਵਾਧੂ ਤੇ ਫਰਜ਼ੀ ਬੈਲਟ ਪੇਪਰ ਛਪਵਾ ਲਏ ਹਨ ਅਤੇ ਹਰ ਬੂਥ ‘ਤੇ ਘੱਟੋਂ-ਘੱਟ 100-100 ਵਾਧੂ ਬੈਲਟ ਪੇਪਰ ਭੇਜ ਦਿੱਤੇ ਹਨ ਤਾਂ ਜੋ ਧਾਂਦਲੀ ਕਰਕੇ ਚੋਣਾਂ ਜਿੱਤਿਆਂ ਜਾ ਸਕਣ। MP ਚਰਨਜੀਤ ਸਿੰਘ ਚੰਨੀ ਨੇ ਪੂਰੇ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਹੈ।
MP ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸਾਜਿਸ਼ ਦੇ ਪਿੱਛੇ ਕਈ ਅਧਿਕਾਰੀ ਵੀ ਉਨ੍ਹਾਂ ਦਾ ਸਾਥ ਦੇ ਰਹੇ ਹਨ। ਜੇਕਰ ਇਸੇ ਤਰ੍ਹਾਂ ਹੀ ਧੱਕਾ ਹੁੰਦਾ ਰਿਹਾ ਤਾਂ ਇਹ ਲੋਕਤੰਤਰ ਦੀ ਹੱਤਿਆ ਹੈ। MP ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਪਾਰਦਰਸ਼ੀ ਢੰਗ ਦੇ ਨਾਲ ਹੋਣੀਆਂ ਚਾਹੀਦੀਆਂ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ‘ਚ ਵੋਟਾਂ ਪਾਉਣ ਵਾਸਤੇ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦੀ ਅਪੀਲ ਕੀਤੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਤੈਅ 8 ਵਜੇ ਸਵੇਰੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ, ਜੋ ਬਹੁਤ ਘੱਟ ਹੈ। ਸਮਾਂ ਹੱਦ ਸੀਮਤ ਹੋਣ ਕਾਰਨ ਗ਼ਰੀਬ ਪਰਿਵਾਰ, ਕਿਸਾਨ ਅਤੇ ਦਿਹਾੜੀਦਾਰ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਜਾਣਗੇ, ਜਿਸ ਨਾਲ ਵੋਟ ਦਰ ਘਟੇਗੀ।
ਤੁਹਾਨੂੰ ਦੱਸ ਦੇਈਏ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ 17 ਦਸੰਬਰ ਨੂੰ ਇਸ ਦੇ ਨਤੀਜੇ ਆਉਣਗੇ।

