ਕਿਸਾਨਾਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ, ਰੋਕ’ਤਾ NHAI ਦਾ ਕੰਮ
ਕਪੂਰਥਲਾ (ਵੀਓਪੀ ਬਿਊਰੋ) ਪੰਜਾਬ ਵਿੱਚ ਕਿਸਾਨਾਂ ਨੇ ਮੁੜ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਕਿਸਾਨਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਵਿੱਚ ਕਿਸਾਨਾਂ ਨੇ ਧਰਨਾ ਲਾ ਕੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਅਧੀਨ ਉਸਾਰੇ ਜਾ ਰਹੇ ਦਿੱਲੀ–ਕਟੜਾ ਅਤੇ ਜਾਮਨਗਰ ਐਕਸਪ੍ਰੈਸਵੇਅ ਦੇ ਨਿਰਮਾਣ ਕਾਰਜ ਨੂੰ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਹੈ।
ਧਰਨੇ ਵਿੱਚ ਸ਼ਾਮਲ ਕਿਸਾਨਾਂ ਨੇ ਦੋਸ਼ ਲਗਾਇਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਨ੍ਹਾਂ ਦੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਮਾਰਕੀਟ ਵਿੱਚ ਜ਼ਮੀਨ ਦੀ ਕੀਮਤ 50 ਲੱਖ ਰੁਪਏ ਪ੍ਰਤੀ ਏਕੜ ਤੋਂ ਉੱਪਰ ਹੈ, ਜਦਕਿ ਉਨ੍ਹਾਂ ਨੂੰ 30 ਤੋਂ 40 ਲੱਖ ਰੁਪਏ ਪ੍ਰਤੀ ਏਕੜ ਦੇ ਦਰ ਨਾਲ ਮੁਆਵਜ਼ਾ ਦਿੱਤਾ ਗਿਆ, ਜੋ ਕਿ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਵਿੱਚ ਇਸੇ ਤਰ੍ਹਾਂ ਦੇ ਪ੍ਰੋਜੈਕਟਾਂ ਲਈ ਇਕ ਕਰੋੜ ਰੁਪਏ ਪ੍ਰਤੀ ਏਕੜ ਤੋਂ ਵੱਧ ਮੁਆਵਜ਼ਾ ਦਿੱਤਾ ਗਿਆ ਹੈ।
ਕਿਸਾਨਾਂ ਨੇ ਇਹ ਵੀ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖਟਖਟਾ ਚੁੱਕੇ ਹਨ, ਪਰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਢੰਗ ਨਾਲ ਪੇਸ਼ ਨਹੀਂ ਕੀਤਾ ਜਾ ਰਿਹਾ। ਟੇਬਲ ਟਾਕ ਦੌਰਾਨ ਪ੍ਰਸ਼ਾਸਨ ਅਤੇ ਅਥਾਰਟੀ ਵੱਲੋਂ ਮੰਨੀਆਂ ਗਈਆਂ ਕਈ ਮੰਗਾਂ ਨੂੰ ਜਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤਾ ਗਿਆ।


