‘ਪੰਜਾਬ ਸਰਕਾਰ ਨੇ ਇੱਕ ਸਾਲ ‘ਚ ਫੜੇ 187 ਭ੍ਰਿਸ਼ਟਾਚਾਰੀ’
ਵੀਓਪੀ ਬਿਊਰੋ – ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਨੀਤੀ ਬਣਾਈ ਹੋਈ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਵਾਅਦਾ ਕਰ ਕੇ ਪੰਜਾਬ ਦੀ ਸੱਤਾ ਵਿੱਚ ਆਏ ਸਨ ਕਿ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਜਾਵੇਗਾ। ਇਸੇ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਇੱਕ ਅੰਕੜਾ ਪੇਸ਼ ਕੀਤਾ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰੀਆਂ ਨੂੰ ਸਬਕ ਸਿਖਾਇਆ ਹੈ।
ਪੰਜਾਬ ਸਰਕਾਰ ਨੇ ਅੰਕੜੇ ਪੇਸ਼ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਸਾਲ 2025 ਵਿੱਚ ਵਿਜੀਲੈਂਸ ਬਿਊਰੋ ਪੰਜਾਬ ਨੇ 187 ਲੋਕਾਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 18 ਗਜ਼ਟਿਡ ਅਤੇ 126 ਗੈਰ-ਗਜ਼ਟਿਡ ਸਰਕਾਰੀ ਕਰਮਚਾਰੀ ਸ਼ਾਮਲ ਸਨ। ਕਾਰਵਾਈ ਦੌਰਾਨ 43 ਪੁਲਿਸ ਅਤੇ 20 ਮਾਲ ਵਿਭਾਗ ਦੇ ਕਰਮਚਾਰੀ ਵੀ ਗ੍ਰਿਫ਼ਤਾਰ ਕੀਤੇ ਗਏ।
ਇਸ ਦੌਰਾਨ ਪੰਜਾਬ ਸਰਕਾਰ ਦੇ ਅਨੁਸਾਰ, ਆਪਣੀ ਜ਼ੀਰੋ-ਟੌਲਰੈਂਸ ਨੀਤੀ ਦੇ ਤਹਿਤ ਵਿਜੀਲੈਂਸ ਬਿਊਰੋ ਨੇ ਮੁਲਜ਼ਮਾਂ ਵਿਰੁੱਧ 113 ਅਪਰਾਧਿਕ ਮਾਮਲੇ ਦਰਜ ਕੀਤੇ। ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੁਆਰਾ ਜਾਂਚ ਕੀਤੇ ਗਏ 34 ਮਾਮਲਿਆਂ ਵਿੱਚ 63 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ।

