ਕਾਕੂ ਆਹਲੂਵਾਲੀਆ ਬਣੇ ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਦੇ ਚੇਅਰਮੈਨ

ਜਲੰਧਰ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗਗਨਦੀਪ ਸਿੰਘ (ਕਾਕੂ ਆਹਲੂਵਾਲੀਆ) ਨੂੰ ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਕਾਰਕੁਨਾਂ ਅਤੇ ਖਾਦੀ-ਗ੍ਰਾਮ ਉਦਯੋਗ ਨਾਲ ਜੁੜੇ ਵਰਗਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਚੇਅਰਮੈਨ ਬਣਨ ਤੋਂ ਬਾਅਦ ਵਾਇਸ ਆਫ ਪੰਜਾਬ ਨਾਲ ਗੱਲਬਾਤ ਕਰਦਿਆਂ ਕਾਕੂ ਆਹਲੂਵਾਲੀਆ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਭਾਉਣਗੇ।

ਕਾਕੂ ਆਹਲੂਵਾਲੀਆ ਨੇ ਕਿਹਾ ਕਿ ਖਾਦੀ ਤੇ ਗ੍ਰਾਮ ਉਦਯੋਗ ਨਾਲ ਜੁੜੇ ਕਾਰੀਗਰਾਂ, ਛੋਟੇ ਉਦਯੋਗਪਤੀਆਂ ਅਤੇ ਪਿੰਡਾਂ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਖਾਦੀ ਅਤੇ ਗ੍ਰਾਮ ਉਦਯੋਗਾਂ ਨੂੰ ਸਿਰਫ਼ ਪਰੰਪਰਾ ਤੱਕ ਸੀਮਿਤ ਨਾ ਰੱਖਦਿਆਂ, ਉਨ੍ਹਾਂ ਨੂੰ ਰੁਜ਼ਗਾਰ ਸਿਰਜਣ, ਆਤਮਨਿਰਭਰਤਾ ਅਤੇ ਆਰਥਿਕ ਸਸ਼ਕਤੀਕਰਨ ਦਾ ਮਜ਼ਬੂਤ ਸਾਧਨ ਬਣਾਉਣਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਤਾਂ ਜੋ ਪਿੰਡਾਂ ਵਿੱਚ ਰਹਿਣ ਵਾਲੇ ਨੌਜਵਾਨਾਂ ਨੂੰ ਖੁਦ ਰੁਜ਼ਗਾਰ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਕਾਕੂ ਆਹਲੂਵਾਲੀਆ ਇੱਕ ਜ਼ਮੀਨ ਨਾਲ ਜੁੜੇ ਹੋਏ ਨੇਤਾ ਮੰਨੇ ਜਾਂਦੇ ਹਨ ਅਤੇ ਖਾਦੀ ਤੇ ਗ੍ਰਾਮ ਉਦਯੋਗ ਨਾਲ ਸੰਬੰਧਿਤ ਕਾਰੀਗਰਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤੀ ਸਮਝਦੇ ਹਨ। ਉਨ੍ਹਾਂ ਦੀ ਇਹ ਨਿਯੁਕਤੀ ਖਾਦੀ ਅਤੇ ਗ੍ਰਾਮ ਵਿਕਾਸ ਖੇਤਰ ਲਈ ਇਕ ਸਕਾਰਾਤਮਕ ਕਦਮ ਵਜੋਂ ਦੇਖੀ ਜਾ ਰਹੀ ਹੈ।

error: Content is protected !!