SGPC ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਇਆ
ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਫੈਸਲਾ ਕਰਦੇ ਹੋਏ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਤਰਕ ਦਿੱਤਾ ਗਿਆ ਕਿ ਗਿਆਨੀ ਰਘਬੀਰ ਸਿੰਘ ਦੇ ਬਿਆਨਾਂ ਅਤੇ ਕਾਰਵਾਈਆਂ ਕਾਰਨ SGPC ਦੀ ਬਦਨਾਮੀ ਹੋਈ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਤਾਂ ਜੋ ਉਹ ਆਪਣੇ ਦਾਅਵਿਆਂ ਜਾਂ ਬਿਆਨਾਂ ਸਬੰਧੀ ਸਬੂਤ ਪੇਸ਼ ਕਰ ਸਕਣ। ਪਰ ਨਿਰਧਾਰਿਤ ਸਮੇਂ ਅੰਦਰ ਕੋਈ ਪੱਕਾ ਸਬੂਤ ਨਾ ਦਿੱਤੇ ਜਾਣ ਕਾਰਨ ਇਹ ਫ਼ੈਸਲਾ ਲੈਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੀਆਂ ਕਾਰਵਾਈਆਂ ਨਾਲ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਜਾਣਕਾਰੀ ਮੁਤਾਬਕ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਵੀ
ਕੀਤਾ ਗਿਆ ਹੈ, ਜੋ ਸਾਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਮੁਤਾਬਕ ਕਮੇਟੀ ਆਪਣੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਦੀ ਸਿਫ਼ਾਰਸ਼ ਕਰੇਗੀ।
