ਅੰਮ੍ਰਿਤਸਰ ‘ਚ ਮਾਰ’ਤਾ ਪੰਜਾਬ ਪੁਲਿਸ ਦਾ ਕਾਂਸਟੇਬਲ
ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਵਿੱਚ ਆਏ ਦਿਨ ਅਪਰਾਧਿਕ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਇਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਹੁਣ ਤਾਂ ਪੰਜਾਬ ਵਿੱਚ ਪੁਲਿਸ ਵੀ ਸੁਰੱਖਿਅਤ ਨਜ਼ਰ ਨਹੀਂ ਆ ਰਹੀ। ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਜਗਦੇਵ ਕਲਾਂ ਵਿੱਚ ਘਰੇਲੂ ਝਗੜੇ ਨੂੰ ਲੈ ਕੇ ਹੋਏ ਹਮਲੇ ਦੌਰਾਨ ਇੱਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਘਰੇਲੂ ਝਗੜੇ ਦੇ ਮਾਮਲੇ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਨੇ ਉਸਦੇ ਘਰ ‘ਤੇ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਵਸਨੀਕ ਬਲਰਾਜ ਸਿੰਘ, ਜੋ ਕਿ ਉਹਨਾਂ ਦੇ ਰਿਸ਼ਤੇਦਾਰ ਵੀ ਹਨ, ਆਪਣੇ ਨਾਲ 8 ਤੋਂ 10 ਵਿਅਕਤੀਆਂ ਨੂੰ ਗੱਡੀਆਂ ‘ਚ ਲੈ ਕੇ ਆਏ ਅਤੇ ਆਉਂਦੇ ਹੀ ਜਗਜੀਤ ਸਿੰਘ ਅਤੇ ਪਰਿਵਾਰਿਕ ਮੈਂਬਰਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਹਮਲਾਵਰਾਂ ਵੱਲੋਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਜਗਜੀਤ ਸਿੰਘ ਦੇ ਸਿਰ ‘ਚ ਰਾਡ ਵੱਜਣ ਕਾਰਨ ਉਹ ਗੰਭੀਰ ਜਖ਼ਮੀ ਹੋ ਕੇ ਥੱਲੇ ਡਿੱਗ ਪਿਆ ਅਤੇ ਫਿਰ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਆਪਣੀਆਂ ਗੱਡੀਆਂ ‘ਚ ਫਰਾਰ ਹੋ ਗਏ।


