“ਬਿੱਲ ਪਾਸ ਕਰਨਾ ਨਹੀਂ, ਲਾਗੂ ਕਰਵਾਉਣਾ ਜ਼ਰੂਰੀ” SGPC ਨੇ 20 ਨੂੰ ਬੁਲਾਈ ਮੀਟਿੰਗ
ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿੱਲ ਪਾਸ ਕਰਨਾ ਇੱਕ ਸਕਾਰਾਤਮਕ ਕਦਮ ਜ਼ਰੂਰ ਹੈ, ਪਰ ਸਿਰਫ਼ ਬਿੱਲ ਪਾਸ ਕਰ ਦੇਣਾ ਹੀ ਕਾਫ਼ੀ ਨਹੀਂ। ਅਸਲ ਸਵਾਲ ਤਾਂ ਇਸ ਨੂੰ ਲਾਗੂ ਕਰਵਾਉਣ ਦਾ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਕਿਸੇ ਵੀ ਕੌਮੀ ਮਾਮਲੇ ਵਿਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਹੋਣੀ ਚਾਹੀਦੀ ਹੈ ਨਾ ਕਿ ਰਾਜਨੀਤੀ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਨ ਦੀ ਪ੍ਰਕਿਰਿਆ ਤਾਂ ਪਹਿਲੀਆਂ ਸਰਕਾਰਾਂ ਸਮੇਂ ਵੀ ਦੋ ਵਾਰ ਪੂਰੀ ਹੋ ਚੁੱਕੀ ਹੈ। ਜਰੂਰੀ ਗੱਲ ਇਹ ਹੈ ਕਿ ਇਸ ਨੂੰ ਲੋੜੀਂਦੀ ਪ੍ਰਵਾਨਗੀ ਮਿਲੇ ਤਾਂ ਜੋ ਇਹ ਲਾਗੂ ਹੋ ਸਕੇ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਸ਼ੋਸ਼ਲ ਮੀਡੀਆ ਉਤੇ ਏਆਈ ਤਕਨੀਕ ਨਾਲ ਸਿੱਖ ਭਾਵਨਾਵਾਂ ਨਾਲ ਹੁੰਦੇ ਖਿਲਵਾੜ ਅਤੇ ਪਾਵਨ ਗੁਰਬਾਣੀ ਤੇ ਗੁਰਧਾਮਾਂ ਦੀ ਬੇਅਦਬੀ ਦੇ ਰੁਝਾਨ ਪ੍ਰਤੀ ਵੀ ਸੰਜੀਦਾ ਹੋਵੇ। ਉਨ੍ਹਾਂ ਆਖਿਆ ਕਿ ਬੇਅਦਬੀ ਦੀ ਪਰਿਭਾਸ਼ਾ ਬਹੁਪਰਤੀ ਹੈ ਜਿਸ ਨੂੰ ਵਿਆਪਕ ਸੰਦਰਭ ਵਿਚ ਲੈਣ ਦੀ ਜਰੂਰਤ ਹੈ। ਸੋਸ਼ਲ ਮੀਡੀਆ ਉਤੇ ਬੇਅਦਬੀ ਦਾ ਚਲਨ ਵੀ ਦੁੱਖਦਾਈ ਹੈ।



