ਕਿਸਾਨਾਂ ਦਾ ਸਰਕਾਰ ਨੂੰ 3 ਦਿਨ ਦਾ ਅਲਟੀਮੇਟਮ, ਇਸ ਗੱਲ ਨੂੰ ਲੈ ਕੇ ਫਸਿਆ ਪੇਚ
ਅੰਮ੍ਰਿਤਸਰ (ਵੀਓਪੀ ਬਿਊਰੋ) ਕਣਕ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਨੇ ਕਿ ਮੰਡਿਆ ਵਿੱਚ ਪ੍ਰਬੰਧ ਪੁਖਤਾ ਨੇ ਪਰ ਦੂਜੇ ਪਾਸੇ ਕਿਸਾਨ ਲਗਾਤਾਰ ਮੰਗ ਕਰ ਰਹੇ ਨੇ ਕਿ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਨਾ ਦੇਣ ਕਾਰਨ ਅਤੇ ਕਣਕ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਨੇ, ਇਸੇ ਨੂੰ ਲੈ ਕੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ ਪਰ ਜੋ ਹਾਲ ਹੀ ਵਿੱਚ ਮੁਲਤਵੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਮਿਲ ਬੈਠ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਂ ਮੰਗਣ ‘ਤੇ ਸਾਂਝੀ ਰਾਏ ਨਾਲ ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ, ਪਰ ਹਾਲੇ ਵੀ ਕਈ ਥਾਵਾਂ ‘ਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮਸਲਾ ਕੇਂਦਰ ਸਰਕਾਰ ਵੱਲੋਂ ਖਰੀਦ ਦੇ ਨਿਯਮਾਂ ਵਿੱਚ ਛੂਟ ਦੇਣ ਦਾ ਹੈ, ਜਿਸ ਵਿੱਚ ਡਿਸਕਲਰ ਅਤੇ ਸੁੰਗੜੇ ਦਾਣੇ ਦੀ ਪ੍ਰਤੀਸ਼ਤਤਾ ਨੂੰ ਲੈ ਕੇ ਗੁੰਝਲ ਹੈ।
ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਚਿੱਠੀ ਦੇਣ ਵਿੱਚ ਦੇਰੀ ਹੋਈ, ਜਿਸ ਕਾਰਨ ਕਿਸਾਨਾਂ ਨੂੰ ਪਿਛਲੇ 10-15 ਦਿਨਾਂ ਤੋਂ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕੇਂਦਰ ਸਰਕਾਰ ਨਿਯਮਾਂ ਵਿੱਚ ਢਿੱਲ ਦੇਵੇਗੀ, ਖਰੀਦ ਪ੍ਰਕਿਰਿਆ ਸੁਚਾਰੂ ਹੋ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੁਧਿਆਣਾ ਵਿੱਚ ਅਗਲੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਅਗਲੇ ਕਦਮਾਂ ਬਾਰੇ ਫੈਸਲਾ ਕੀਤਾ ਜਾਵੇਗਾ।



