ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਦਰਦਨਾਕ ਹਾਦਸਾ – ਲੰਗਰ ਹਾਲ ਦੇ ਲੈਂਟਰ ਦੀਆਂ ਲੋਹੇ ਦੀਆਂ ਪਲੇਟਾਂ ਡਿੱਗਣ ਕਾਰਨ 2 ਬੀਬੀਆਂ ਦੀ ਮੌ=ਤ, 5 ਤੋਂ ਵੱਧ ਗੰਭੀਰ ਜ਼ਖ਼ਮੀ

* ਚੌਪਹਿਰਾ ਕੱਟ ਰਹੀਆਂ ਅਤੇ ਸੇਵਾ ਕਰ ਰਹੀਆਂ ਸੰਗਤਾਂ ਤੇ ਡਿੱਗੀਆਂ ਭਾਰੀ ਪਲੇਟਾਂ; ਮੌਕੇ ਤੇ ਮਚੀ ਚੀਖ-ਪੁਕਾਰ

* ਜ਼ਖ਼ਮੀ ਬੀਬੀਆਂ ਸ਼੍ਰੀ ਗੁਰੂ ਰਾਮਦਾਸ ਅਤੇ ਮਾਤਾ ਕੌਲਾਂ ਹਸਪਤਾਲ ਵਿਖੇ ਦਾਖ਼ਲ; ਕੁਝ ਦੀ ਹਾਲਤ ਨਾਜ਼ੁਕ

* ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਸੀ ਨਵੇਂ ਲੰਗਰ ਹਾਲ ਦੀ ਉਸਾਰੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਕੋਲ ਸੀ ਕਾਰ ਸੇਵਾ ਦੀ ਜ਼ਿੰਮੇਵਾਰੀ

ਅੰਮ੍ਰਿਤਸਰ (ਵੀਓਪੀ ਬਿਊਰੋ) ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ (ਸ਼ਹੀਦਾਂ ਸਾਹਿਬ) ਵਿਖੇ ਅੱਜ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ ਪੂਰੀ ਸੰਗਤ ਵਿੱਚ ਸੋਗ ਦੀ ਲਹਿਰ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਨਵੇਂ ਬਣ ਰਹੇ ਲੰਗਰ ਹਾਲ ਦੇ ਲੈਂਟਰ ਲਈ ਲਗਾਈਆਂ ਗਈਆਂ ਲੋਹੇ ਦੀਆਂ ਭਾਰੀ ਪਲੇਟਾਂ ਅਚਾਨਕ ਹੇਠਾਂ ਆ ਡਿੱਗੀਆਂ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਚੀਖ-ਪੁਕਾਰ ਮਚ ਗਈ।

ਜਿਸ ਵੇਲੇ ਇਹ ਹਾਦਸਾ ਵਾਪਰਿਆ, ਉਸ ਸਮੇਂ ਹੇਠਾਂ ਵੱਡੀ ਗਿਣਤੀ ਵਿੱਚ ਬੀਬੀਆਂ ਬੈਠ ਕੇ ਚੌਪਹਿਰਾ ਕੱਟ ਰਹੀਆਂ ਸਨ ਅਤੇ ਗੁਰੂ ਘਰ ਦੀ ਸੇਵਾ ਵਿੱਚ ਲੀਨ ਸਨ। ਇਸ ਮੰਦਭਾਗੀ ਘਟਨਾ ਵਿੱਚ ਦੋ ਔਰਤਾਂ ਦੀ ਦੁਖਦਾਈ ਮੌਤ ਹੋ ਗਈ, ਜਦਕਿ ਪੰਜ ਤੋਂ ਵੱਧ ਬੀਬੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਅਤੇ ਮਾਤਾ ਕੌਲਾਂ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਵੱਲੋਂ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ।

ਐਤਵਾਰ ਕਰਕੇ ਸ਼ਰਧਾਲੂਆਂ ਦਾ ਸੀ ਭਾਰੀ ਇਕੱਠ

ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਬਹੁਮੰਜਲੀ ਪਾਰਕਿੰਗ ਅਤੇ ਨਵੇਂ ਲੰਗਰ ਹਾਲ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਕਾਰ ਸੇਵਾ ਦੀ ਜ਼ਿੰਮੇਵਾਰੀ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਹਰ ਐਤਵਾਰ ਨੂੰ ਇੱਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਜਿਸ ਕਾਰਨ ਹਾਦਸੇ ਵੇਲੇ ਵੀ ਉੱਥੇ ਭਾਰੀ ਭੀੜ ਮੌਜੂਦ ਸੀ।

ਅੱਖੀਂ ਦੇਖਣ ਵਾਲੀਆਂ ਬੀਬੀਆਂ ਨੇ ਬਿਆਨ ਕੀਤਾ ਦਰਦ

ਘਟਨਾ ਦੌਰਾਨ ਜ਼ਖ਼ਮੀ ਹੋਈਆਂ ਬੀਬੀਆਂ ਨੇ ਹਸਪਤਾਲ ਵਿੱਚ ਦੱਸਿਆ ਕਿ ਉਹ ਅਜਨਾਲਾ, ਚਮਿਆਰੀ ਅਤੇ ਹੋਰ ਵੱਖ-ਵੱਖ ਪਿੰਡਾਂ ਤੋਂ ਚੌਪਹਿਰਾ ਕੱਟਣ ਲਈ ਗੁਰਦੁਆਰਾ ਸਾਹਿਬ ਆਈਆਂ ਸਨ। ਇੱਕ ਪੀੜਤ ਮਹਿਲਾ ਨੇ ਦੱਸਿਆ, ਅਚਾਨਕ ਇੱਕ ਜ਼ੋਰਦਾਰ ਆਵਾਜ਼ ਆਈ ਅਤੇ ਮੇਰੀਆਂ ਅੱਖਾਂ ਅੱਗੇ ਹਨੇਰਾ ਛਾ ਗਿਆ, ਜਿਸ ਤੋਂ ਬਾਅਦ ਮੈਂ ਬੇਹੋਸ਼ ਹੋ ਕੇ ਹੇਠਾਂ ਡਿੱਗ ਪਈ।” ਇੱਕ ਹੋਰ ਜ਼ਖ਼ਮੀ ਮਹਿਲਾ ਨੇ ਦੱਸਿਆ ਕਿ ਉਸ ਦੀ ਬਾਂਹ ‘ਤੇ ਗੰਭੀਰ ਸੱਟ ਲੱਗੀ ਹੈ ਅਤੇ ਉਸ ਦੇ ਲਗਭਗ 12 ਟਾਂਕੇ ਲੱਗੇ ਹਨ।

ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ: ਲੋਕਾਂ ਨੂੰ ਭੀੜ ਨਾ ਕਰਨ ਦੀ ਅਪੀਲ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਏ.ਡੀ.ਸੀ.ਪੀ. (ADCP) ਮੈਡਮ ਅਮਨਦੀਪ ਕੌਰ ਤੁਰੰਤ ਮੌਕੇ ‘ਤੇ ਅਤੇ ਹਸਪਤਾਲ ਪਹੁੰਚੇ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਜ਼ਖ਼ਮੀਆਂ ਦਾ ਇਲਾਜ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਡਾਕਟਰਾਂ ਦੀ ਵਿਸ਼ੇਸ਼ ਟੀਮ ਤੁਰੰਤ ਸੇਵਾ ਵਿੱਚ ਜੁਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸ਼ਰਧਾਲੂਆਂ ਅਤੇ ਰਿਸ਼ਤੇਦਾਰਾਂ ਦੀ ਭੀੜ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਬਾਹਰ ਰਹਿਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਉਨ੍ਹਾਂ ਨੂੰ ਐਮਰਜੈਂਸੀ ਸੇਵਾਵਾਂ ਸਹੀ ਤਰੀਕੇ ਨਾਲ ਮਿਲ ਸਕਣ।

ਇਲਾਕੇ ਵਿੱਚ ਸੋਗ ਦੀ ਲਹਿਰ

ਇਸ ਦੁਖਦਾਈ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਅਤੇ ਆਉਣ ਵਾਲੀਆਂ ਸੰਗਤਾਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਅਤੇ ਸੰਗਤ ਵੱਲੋਂ ਮ੍ਰਿਤਕ ਬੀਬੀਆਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟਾਈ ਜਾ ਰਹੀ ਹੈ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਜ਼ਖ਼ਮੀ ਹੋਈਆਂ ਬੀਬੀਆਂ ਜਲਦੀ ਤੋਂ ਜਲਦੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤਣ।

 

error: Content is protected !!