ਹੁਣ ਰੇਲ ਰੋਕਣਗੇ ਕਿਸਾਨ, ਜਾਣੋ ਕਿਉਂ ਮਜਬੂਰ ਹੋਈ ਕਿਸਾਨ ਮਜਦੂਰ ਸੰਘਰਸ਼ ਕਮੇਟੀ
ਬਟਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 22 ਫਰਵਰੀ ਨੂੰ ਗੁਰਦਾਸਪੁਰ ‘ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਆਉਣ ਵਾਲੇ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਇਕਸਾਰ ਮੁਆਵਜ਼ਾ, ਗੰਨੇ ਦੇ ਬਕਾਏ, ਨੌਕਰੀਆਂ ਅਤੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਮੇਤ ਹੋਰ ਮੁੱਦਿਆਂ ‘ਤੇ ਸਰਕਾਰ ਅਤੇ ਪ੍ਰਸ਼ਾਸਨ ਨਾਲ ਸਹਿਮਤੀ ਬਣੀ ਹੋਈ ਹੈ | ਕਿਸਾਨ ਮੋਰਚੇ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਨਾਂਹ-ਪੱਖੀ ਰਵੱਈਏ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ 29-30 ਜਨਵਰੀ ਨੂੰ ਬਟਾਲਾ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਜਿਸ ਦੌਰਾਨ ਪ੍ਰਸ਼ਾਸਨ ਵੱਲੋਂ 15 ਦਿਨਾਂ ਵਿੱਚ ਮੰਗਾਂ ਲਾਗੂ ਕਰਨ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਗਈਆਂ।
ਇਸ ਸਬੰਧ ‘ਚ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ 22 ਫਰਵਰੀ ਤੋਂ ਗੁਰਦਾਸਪੁਰ ਵਿੱਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਦੇ ਲਈ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਸੂਬੇ ਭਰ ਤੋਂ ਕਿਸਾਨ, ਬੱਚੇ, ਔਰਤਾਂ ਤੇ ਬਜ਼ੁਰਗ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚਣਗੇ। ਇਸ ਦੌਰਾਨ ਲਖਵਿੰਦਰ ਸਿੰਘ, ਅਮਰਦੀਪ ਸਿੰਘ, ਸਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਬੇਜ ਸਿੰਘ ਵੀ ਸ਼ਾਮਲ ਸਨ।