ਰਿਸ਼ਵਤ ਲੈਣ ਦੇ ਮਾਮਲੇ ‘ਚ ‘ਆਪ’ ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ, ਪਹਿਲਾ ਦੇ ਦਿੱਤੀ ਸੀ ਕਲੀਨ ਚਿੱਟ ਫਿਰ ਹੋਇਆ ਵਿਰੋਧ ਤਾਂ…

ਰਿਸ਼ਵਤ ਲੈਣ ਦੇ ਮਾਮਲੇ ‘ਚ ‘ਆਪ’ ਵਿਧਾਇਕ ਅਮਿਤ ਰਤਨ ਗ੍ਰਿਫ਼ਤਾਰ, ਪਹਿਲਾ ਦੇ ਦਿੱਤੀ ਸੀ ਕਲੀਨ ਚਿੱਟ ਫਿਰ ਹੋਇਆ ਵਿਰੋਧ ਤਾਂ…

ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇਹਾਤ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ 16 ਫਰਵਰੀ ਨੂੰ ਉਸ ਦੇ ਪੀ.ਏ. ਨੂੰ ਵਿਜੀਲੈਂਸ ਦੀ ਟੀਮ ਨੇ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਖਬਰਾਂ ਮੁਤਾਬਕ ਪੀਏ ਨੇ ਗੁੱਡਾ ਪਿੰਡ ਦੇ ਸਰਪੰਚ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਇਹ ਪੈਸਾ ਬਿੱਲ ਪਾਸ ਕਰਨ ਲਈ ਲਿਆ ਗਿਆ ਸੀ।

ਇਸ ਤੋਂ ਬਾਅਦ ਸਰਪੰਚ ਨੇ ਇਸ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਟੀਮ ਨੇ ਉੱਥੇ ਪਹੁੰਚ ਕੇ ਉਸ ਨੂੰ ਗ੍ਰਿਫਤਾਰ ਕਰਨ ਲਈ ਜਾਲ ਵਿਛਾਇਆ। ਜਦੋਂ ਸਰਪੰਚ ਨੇ ਲੈਣ-ਦੇਣ ਸਬੰਧੀ ਪੀਏ ਨਾਲ ਗੱਲ ਕਰਨੀ ਸ਼ੁਰੂ ਕੀਤੀ ਤਾਂ ਵਿਜੀਲੈਂਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਪੀਏ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤ ਤੋਂ ਬਾਅਦ ਪੀ.ਏ. ਖਿਲਾਫ਼ ਇਹ ਕਾਰਵਾਈ ਵਿਜੀਲੈਂਸ ਦੇ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਪੀਏ ਨੇ ਗ੍ਰਿਫਤਾਰੀ ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਵੀ ਕੀਤੀ ਸੀ।

ਵਿਜੀਲੈਂਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਮਿਤ ਰਤਨ ਤੋਂ ਵੀ ਪੁੱਛਗਿੱਛ ਕੀਤੀ ਸੀ। ਉਦੋਂ ਤੋਂ ਹੀ ਭਾਜਪਾ ‘ਆਪ’ ਵਿਧਾਇਕ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਲੱਗੀ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਸੱਤਾਧਾਰੀ ‘ਆਪ’ ਦੇ ਸਮਰਥਕਾਂ ‘ਚ ਬਹਿਸ ਵੀ ਹੋਈ। ਰਿਪੋਰਟਾਂ ਮੁਤਾਬਕ ਵਿਧਾਇਕ ਨੂੰ ਬਾਅਦ ਵਿੱਚ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਸੀ। ਵਿਧਾਇਕ ਨੇ ਕਿਹਾ ਸੀ ਕਿ ਰੇਸ਼ਮ ਉਨ੍ਹਾਂ ਦਾ ਪੀਏ ਨਹੀਂ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਮਿਤ ਰਤਨ ਕੋਟਫੱਤਾ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਿਧਾਇਕ ਬਣੇ ਹਨ।

ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਚੰਡੀਗੜ੍ਹ ਤੋਂ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕੀਤਾ ਹੈ।

error: Content is protected !!