ਫਾਂਸੀ ਨੂੰ ਉਮਰ ਕੈਦ ‘ਚ ਬਦਲਣ ਦੀ ਅਪੀਲ ‘ਤੇ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਝਟਕਾ, 10 ਸਾਲ ਤੋਂ ਕੇਂਦਰ ਸਰਕਾਰ ਕੋਲ ਪੈਡਿੰਗ ਹੈ ਮਾਮਲਾ

ਫਾਂਸੀ ਨੂੰ ਉਮਰ ਕੈਦ ‘ਚ ਬਦਲਣ ਦੀ ਅਪੀਲ ‘ਤੇ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਝਟਕਾ, 10 ਸਾਲ ਤੋਂ ਕੇਂਦਰ ਸਰਕਾਰ ਕੋਲ ਪੈਡਿੰਗ ਹੈ ਮਾਮਲਾ

ਨਵੀਂ ਦਿੱਲੀ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ‘ਤੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਅਤੇ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਗਈ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ ‘ਤੇ ਗ੍ਰਹਿ ਮੰਤਰਾਲੇ ਵੱਲੋਂ ਜਲਦ ਫੈਸਲਾ ਲਿਆ ਜਾਣਾ ਚਾਹੀਦਾ ਹੈ।

ਦੱਸ ਦੇਈਏ ਕਿ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਸ ਦੀ ਰਹਿਮ ਦੀ ਅਪੀਲ ਵੀ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ। ਸਰਕਾਰ ਨੇ ਅਜੇ ਤੱਕ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ.ਗਵਈ, ਜਸਟਿਸ ਵਿਕਰਮਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਲਈ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲਾ) ਨੂੰ ਕਿਹਾ ਹੈ। ਇਹ ਵੀ ਕਿਹਾ ਹੈ ਕਿ ਸਜ਼ਾ ਬਾਰੇ ਫੈਸਲਾ ਉਦੋਂ ਲਿਆ ਜਾਵੇ ਜਦੋਂ ਉਹ ਜ਼ਰੂਰੀ ਮਹਿਸੂਸ ਕਰੇ। 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਰਾਜੋਆਣਾ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ।

ਜ਼ਿਕਰਯੋਗ ਹੈ ਕਿ ਰਾਜੋਆਣਾ ਨੇ 27 ਸਾਲ ਦੀ ਲੰਬੀ ਕੈਦ ਦੇ ਆਧਾਰ ‘ਤੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਕੀਤੀ ਸੀ। ਸਿਖਰਲੀ ਅਦਾਲਤ ਨੇ ਪਿਛਲੇ ਸਾਲ 2 ਮਈ ਨੂੰ ਕੇਂਦਰ ਨੂੰ ਰਾਜੋਆਣਾ ਵੱਲੋਂ ਦਾਇਰ ਕੀਤੀ ਤਬਾਦਲਾ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰਨ ਲਈ ਕਿਹਾ ਸੀ। ਹਾਲਾਂਕਿ ਪਿਛਲੇ ਸਾਲ 28 ਸਤੰਬਰ ਨੂੰ ਕੇਂਦਰ ਵੱਲੋਂ ਕੋਈ ਫੈਸਲਾ ਨਾ ਆਉਣ ‘ਤੇ ਸੁਪਰੀਮ ਕੋਰਟ ਨੇ ਮਾਮਲੇ ਨੂੰ ਆਪਣੇ ਹੱਥਾਂ ‘ਚ ਲੈ ਲਿਆ ਸੀ।

error: Content is protected !!