73,790 ਰੁਪਏ ਆਇਆ ਬਿਜਲੀ ਬਿੱਲ, ਲਾਈਨਮੈਨ ਨੇ ਨਿਪਟਾਉਣ ਬਦਲੇ ਲਈ 40,000 ਰੁਪਏ ਰਿਸ਼ਵਤ, ਚੜਿਆ ਵਿਜੀਲੈਂਸ ਹੱਥੇ

73,790 ਰੁਪਏ ਆਇਆ ਬਿਜਲੀ ਬਿੱਲ, ਲਾਈਨਮੈਨ ਨੇ ਨਿਪਟਾਉਣ ਬਦਲੇ ਲਈ 40,000 ਰੁਪਏ ਰਿਸ਼ਵਤ, ਚੜਿਆ ਵਿਜੀਲੈਂਸ ਹੱਥੇ


ਵੀਓਪੀ ਬਿਊਰੋ, ਫਾਜ਼ਿਲਕਾ-ਬਾਲਾਜੀ ਮਿਲਸ ਸੈਂਟਰ ਦੇ ਆਏ 73,790 ਰੁਪਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਪੀਐਸਪੀਸੀਐਲ ਲਾਈਨਮੈਨ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਫਾਜ਼ਿਲਕਾ ਉਪ-ਮੰਡਲ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ. ਐੱਸ. ਪੀ. ਸੀ. ਐੱਲ. ਦੇ ਲਾਈਨਮੈਨ ਮਹਿੰਦਰ ਕੁਮਾਰ ਵਜੋਂ ਹੋਈ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ’ਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ’ਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ।


ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਕੋਲੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ’ਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ, ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

error: Content is protected !!