ਮੀਂਹ ਕਾਰਨ ਪੰਜਾਬ ਦੇ ਬਣੇ ਹਾਲਾਤ ਦੇ ਮੱਦੇਨਜ਼ਰ 13 ਜੁਲਾਈ ਤਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਮੁੱਖ ਮੰਤਰੀ ਨੇ ਕਿਹਾ, ਘਬਰਾਓ ਨਾ, ਸਰਕਾਰ ਲੋਕਾਂ ਦੇ ਨਾਲ
ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈ ਰਿਹਾ ਹੈ। ਇਸ ਨੂੰ ਵੇਖਦਿਆਂ ਪੂਰਬੀ ਮਾਲਵਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੁਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਅਗਲੇ ਕੁਝ ਘੰਟਿਆਂ ‘ਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ।
ਭਾਰੀ ਮੀਂਹ ਨੇ ਪੰਜਾਬ ‘ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 13 ਜੁਲਾਈ ਤਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
— Harjot Singh Bains (@harjotbains) July 10, 2023
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜ ਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋ ਰਹੀ ਹੈ ਜਿਸ ਵਿੱਚ ਪੁਲਿਸ, ਪਾਵਰਕੌਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋ ਰਹੇ ਹਨ।
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਹੈ ਕਿ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ…ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ…ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸ ਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..।
ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..
— Bhagwant Mann (@BhagwantMann) July 10, 2023