ਮੁੱਖ ਮੰਤਰੀ ਮਾਨ ਨੇ ਭਾਜਪਾ ਨੂੰ ਦੱਸਿਆ ਲੋਕਤੰਤਰ ਲਈ ਖਤਰਨਾਕ, ਕਿਹਾ- ਚੋਣਾਂ ‘ਤੇ ਪੈਸੇ ਖਰਾਬ ਨਾ ਕਰੋ ਜੇ ਕਰਨੀ ਹੀ ਆਪਣੀ ਮਰਜ਼ੀ ਆ

ਮੁੱਖ ਮੰਤਰੀ ਮਾਨ ਨੇ ਭਾਜਪਾ ਨੂੰ ਦੱਸਿਆ ਲੋਕਤੰਤਰ ਲਈ ਖਤਰਨਾਕ, ਕਿਹਾ- ਚੋਣਾਂ ‘ਤੇ ਪੈਸੇ ਖਰਾਬ ਨਾ ਕਰੋ ਜੇ ਕਰਨੀ ਹੀ ਆਪਣੀ ਮਰਜ਼ੀ ਆ

ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿੱਚ ਲੋਕਤੰਤਰ ਨੂੰ ਖਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ 28 ਰਾਜਪਾਲਾਂ ਨੇ ਚਲਾਉਣਾ ਹੈ ਤਾਂ ਚੋਣਾਂ ਕਰਵਾਉਣ ‘ਤੇ ਪੈਸਾ ਕਿਉਂ ਬਰਬਾਦ ਕੀਤਾ ਜਾ ਰਿਹਾ ਹੈ। ਇਹ ਲੋਕਤੰਤਰ ਵਿੱਚ ਖ਼ਤਰਨਾਕ ਰੁਝਾਨ ਹੈ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ।

ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਵਿਰੁੱਧ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੱਤਾਧਾਰੀ ਗੱਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਚਿੰਤਾ ਦੇ ਮੁੱਦੇ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ। ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਭਾਜਪਾ ਦੀ ਵੰਡ ਅਤੇ ਨਫ਼ਰਤ ਦੀ ਨੀਤੀ ਦਾ ਨਤੀਜਾ ਹੈ। ਇਹ ਦੇਸ਼ ਅਤੇ ਜਨਤਾ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਇਸ ਦੇ ਬੁਰੇ ਨਤੀਜੇ ਨਿਕਲਣਗੇ।

ਮਨੀਪੁਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੇ ਕਾਰਨ ਤੁਰੰਤ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਣਾ ਚਾਹੀਦਾ ਹੈ। ਮਨੀਪੁਰ ਵਿੱਚ ਜਦੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਸੀ ਤਾਂ ਰਾਜਪਾਲ ਕੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਤ ਰਾਜਾਂ ਦੇ ਰਾਜਪਾਲ ਰਾਜਾਂ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ। ਇਸ ਦੇ ਉਲਟ ਮਣੀਪੁਰ ਦਾ ਰਾਜਪਾਲ ਸਿਰਫ਼ ਮੂਕ ਦਰਸ਼ਕ ਬਣ ਕੇ ਉੱਥੇ ਵਾਪਰ ਰਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਦੇਖ ਰਿਹਾ ਹੈ।

ਮੁੱਖ ਮੰਤਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਣੀਪੁਰ ਵਿੱਚ ਵਾਪਰ ਰਹੀਆਂ ਮੰਦਭਾਗੀਆਂ ਅਤੇ ਘਿਨਾਉਣੀਆਂ ਘਟਨਾਵਾਂ ਦਾ ਨੋਟਿਸ ਲੈਣ ਅਤੇ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਮਨੀਪੁਰ ਸੜ ਰਿਹਾ ਸੀ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਦੂਜੇ ਦੇਸ਼ਾਂ ਦੀ ਯਾਤਰਾ ਦਾ ਆਨੰਦ ਮਾਣ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਸੰਕਟ ਨਾਲ ਨਜਿੱਠਣ ਪ੍ਰਤੀ ਮੋਦੀ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

error: Content is protected !!