M.L.R ਕਰਵਾਉਣ ਦੇ ਲਈ 50 ਹਜ਼ਾਰ ਰੁਪਏ ਮੰਗ ਰਿਹਾ ਸੀ ਸਿਹਤ ਵਿਭਾਗ ਦਾ ਮੁਲਾਜ਼ਮ, ਹੁਣ ਨੌਕਰੀ ਵੀ ਗਈ ਤੇ ਇੱਜ਼ਤ ਵੀ

M.L.R ਕਰਵਾਉਣ ਦੇ ਲਈ 50 ਹਜ਼ਾਰ ਰੁਪਏ ਮੰਗ ਰਿਹਾ ਸੀ ਸਿਹਤ ਵਿਭਾਗ ਦਾ ਮੁਲਾਜ਼ਮ, ਹੁਣ ਨੌਕਰੀ ਵੀ ਗਈ ਤੇ ਇੱਜ਼ਤ ਵੀ

ਫ਼ਿਰੋਜ਼ਪੁਰ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਮਮਦੋਟ ਵਿੱਚ ਬਤੌਰ ਫੀਲਡ ਵਰਕਰ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।

ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸਿਹਤ ਕਰਮਚਾਰੀ ਨੇ ਡਾਕਟਰਾਂ ਦੇ ਵਿਸ਼ੇਸ਼ ਬੋਰਡ ਵੱਲੋਂ ਉਸ ਵਿਰੁੱਧ ਜਾਰੀ ਕੀਤੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਕਰਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਲਏ ਸਨ। ਕਿਉਂਕਿ ਉਕਤ ਦੋਸ਼ੀ ਇਸ ਸਬੰਧੀ ਲਗਾਤਾਰ ਝੂਠੇ ਵਾਅਦੇ ਕਰ ਰਿਹਾ ਸੀ, ਇਸ ਲਈ ਸ਼ਿਕਾਇਤਕਰਤਾ ਨੇ ਉਕਤ ਕਰਮਚਾਰੀ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ, ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਕਤ ਮਾਮਲੇ ‘ਚ ਉਕਤ ਕਰਮਚਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਬਿਊਰੋ ਵੱਲੋਂ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਵਿੱਚ ਮੁਲਜ਼ਮ ਮੁਲਾਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!