ਦਿੱਲੀ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਪਵੇਗਾ ਮੀਂਹ, ਤੂਫਾਨ ਤੇ ਗੜ੍ਹੇ ਬਦਲਣਗੇ ਮੌਸਮ ਦਾ ਮਿਜਾਜ਼
ਵੀਓਪੀ ਬਿਊਰੋ, ਨਵੀਂ ਦਿੱਲੀ-ਉੱਤਰੀ ਭਾਰਤ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ। ਤੂਫਾਨ ਤੇ ਮੀਂਹ ਦੇਸ਼ ਦੇ ਕਈ ਰਾਜਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਦਾ ਮਿਜਾਜ਼ ਬਦਲ ਦੇਵੇਗਾ। ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਿਸ਼ ਦਾ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ।ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਗੜ੍ਹੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹੋਰ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ ‘ਚ ਅੱਜ ਅੰਸ਼ਿਕ ਤੌਰ ‘ਤੇ ਬੱਦਲਵਾਈ ਅਤੇ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਸੋਮਵਾਰ ਨੂੰ ਤੇਜ਼ ਹਵਾਵਾਂ, ਮੰਗਲਵਾਰ ਅਤੇ ਬੁੱਧਵਾਰ ਨੂੰ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 20 ਫਰਵਰੀ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।