ਹਸਪਤਾਲ ਜਾਣ ਤੋ ਪਹਿਲਾ ਦੇਖ ਲਓ ਇਹ ਖਬਰ, ਨਹੀਂ ਮਿਲੇਗਾ ਸਟਾਫ ਨਾ ਡਾਕਟਰ, ਜਾਣੋਂ ਕਿੰਨੇ ਰਹੇਗੀ ਹੜਤਾਲ

ਕੋਲਕਾਤਾ ‘ਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੇ ਵਿਰੋਧ ‘ਚ ਅੱਜ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ। ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ।

ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਜਬਰ ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ ‘ਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

ਜੇਕਰ ਗੱਲ ਬਠਿੰਡਾ ਦੀ ਕੀਤੀ ਜਾਵੇ ਤਾਂ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ਾਂ ਨੇ ਦੱਸਿਆ ਕਿ ਉਹ ਦੂਰ-ਦੂਰ ਤੋਂ ਦਵਾਈ ਲੈਣ ਪੁੱਜੇ ਹਨ, ਕਿਉਂਕਿ ਕੱਲ੍ਹ 15 ਅਗਸਤ ਹੋਣ ਕਾਰਨ ਛੁੱਟੀ ਸੀ ਤੇ ਅੱਜ ਵੀ ਉਹਨਾਂ ਨੂੰ ਡਾਕਟਰ ਨਹੀਂ ਮਿਲ ਰਹੇ ਜਿਸ ਕਰਕੇ ਉਹਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਨੌਜਵਾਨ ਨੇ ਦੱਸਿਆ ਕਿ ਉਹ ਆਪਣਾ ਨੌਕਰੀ ਲਈ ਮੈਡੀਕਲ ਸਰਟੀਫਿਕੇਟ ਬਣਾਉਣ ਲਈ ਆਇਆ ਸੀ, ਪਰ ਉਸ ਨੂੰ ਇੱਥੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਸਰਕਾਰੀ ਹਸਪਤਾਲ ਦੇ ਵਿੱਚ ਓਪੀਡੀ ਸੇਵਾਵਾਂ ਬੰਦ ਰੱਖ ਕੇ ਡਾਕਟਰਾਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਟਿਆਲਾ ਅਤੇ ਫਰੀਦਕੋਟ ਵਿੱਚ ਓਪੀਡੀ ਸੇਵਾਵਾਂ ਅਣਮਿਥੇ ਸਮੇਂ ਲਈ ਬੰਦ ਕੀਤੀਆਂ ਗਈਆਂ ਹਨ।

ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਹੈ। ਇਸ ਵਿੱਚ ਪੰਜ ਹਜ਼ਾਰ ਤੋਂ ਵੱਧ ਤੈਨਾਤ ਹਨ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਹੈ। ਹਸਪਤਾਲਾਂ ਵਿੱਚ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੋਮਵਾਰ ਤੋਂ ਹਸਪਤਾਲਾਂ ‘ਚ ਕੰਮ ਨਿਯਮਤ ਹੋ ਜਾਵੇਗਾ।

error: Content is protected !!