26 ਜੂਨ 1975 ਨੂੰ ਇੰਦਰਾ ਗਾਂਧੀ ਦੀ ਸਰਕਾਰ ਵੱਲੋਂ ਲਗਾਈ ਐਮਰਜੈਂਸੀ ਦੀ ਵਰੇਗੰਢ ਮੌਕੇ ਆਰ ਐੱਸ ਐੱਸ-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀ ਅਣ-ਐਲਾਨੀ ਐਮਰਜੈਂਸੀ ਖ਼ਿਲਾਫ ਸੂਬੇ ਭਰ ਚ ਹੋਣਗੇ ਮੁਜ਼ਾਹਰੇ, ਤਿਆਰੀਆਂ ਮੁਕੰਮਲ
ਖੇਤੀ ਬਚਾਓ ਲੋਕਤੰਤਰ ਬਚਾਓ’ ਦੇ ਸੱਦੇ ਤਹਿਤ ਗਵਰਨਰ ਦੇ ਘਿਰਾਓ ਦੇ ਸੱਦੇ ਦਾ ਸਮਰਥਨ
ਚੰਡੀਗੜ, (ਵੀਓਪੀ ਬਿਊਰੋ) – ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ,ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ)ਲਿਬਰੇਸ਼ਨ ਅਤੇ ਇਨਕਲਾਬੀ ਕੇਂਦਰ ਪੰਜਾਬ 26 ਜੂਨ 1975 ਨੂੰ ਇੰਦਰਾਂ ਗਾਂਧੀ ਦੀ ਕੇਂਦਰੀ ਸਰਕਾਰ ਵੱਲੋਂ ਦੇਸ਼ ਅੰਦਰ ਲਗਾਈ ਐਮਰਜੈਂਸੀ ਦੀ ਵਰੇਗੰਢ ਮੌਕੇ ਆਰ.ਐੱਸ.ਐੱਸ.-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਮੜੀ ਅਣ-ਐਲਾਨੀ ਐਮਰਜੈਂਸੀ ਖ਼ਿਲਾਫ ਸੂਬੇ ਭਰ ਚ ਰੈਲੀਆਂ ਅਤੇ ਮੁਜ਼ਾਹਰੇ ਕਰਨਗੀਆਂ।ਸੂਬਾ ਕੇਂਦਰ ਉੱਤੇ ਪੁੱਜੀਆਂ ਰਿਪੋਰਟਾਂ ਅਨੁਸਾਰ ਇਸ ਸੰਬੰਧੀ ਸਭ ਤਿਆਰੀਆਂ ਮੁਕੰਮਲ ਹਨ।
ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ, ਸੀ.ਪੀ.ਆਈ. (ਐਮ-ਐਲ) ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਮੀਤ ਸਿੰਘ ਬਖਤੂਪੁਰਾ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ ਨੇ ਦੱਸਿਆ ਕਿ 26 ਜੂਨ 1975 ਦਾ ਉਹ ਕਾਲਾ ਦਿਨ ਦੇਸ਼ ਦੇ ਇਤਿਹਾਸ ਚ ਕਾਂਗਰਸ ਹਕੂਮਤ ਦੇ ਮੱਥੇ ਤੇ ਭੱਦਾ ਕਲੰਕ ਹੈ,ਜਿਸ ਦੀ ਚੀਸ ਸਦੀਆਂ ਤੱਕ ਦੇਸ਼ ਦੇ ਲੋਕਾਂ ਦੇ ਮਨ ’ਚ ਕਸਕਦੀ ਰਹੇਗੀ। ਉਨਾਂ ਦੱਸਿਆ ਕਿ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਉਸ ਸਮੇਂ ਉੱਠੇ ਲੋਕ ਰੋਹ ਨੂੰ ਕੁਚਲਣ ਲਈ ਇੰਦਰਾ ਹਕੂਮਤ ਵਲੋਂ ਦੇਸ਼ ਚ ਮੜੀ ਐਮਰਜੈਂਸੀ ਨੇ ਸਮੁੱਚੇ ਜਮਹੂਰੀ ਹੱਕਾਂ ਦਾ ਭੋਗ ਪਾ ਦਿੱਤਾ ਸੀ। ਇੰਦਰਾ ਗਾਂਧੀ ਦੀ ਅਗਵਾਈ ’ਚ ਲੁੱਟ ਦੇ ਤੰਤਰ ਨੂੰ ਬਚਾਉਣ ਲਈ ਪੂਰੇ ਦੇਸ਼ ਨੂੰ ਖੁੱਲੀ ਜੇਲ ਚ ਬਦਲ ਕੇ ਹਜ਼ਾਰਾਂ ਸਿਆਸੀ ਵਿਰੋਧੀਆਂ ਨੂੰ ਜੇਲਾਂ ਚ ਮਹੀਨਿਆਂ ਬੱਧੀ ਬੰਦ ਕਰ ਦਿੱਤਾ ਗਿਆ ਸੀ। ਮੀਸਾ, ਪੋਟਾ, ਐਸਮਾ ਜਿਹੇ ਕਾਲੇ ਕਾਨੂੰਨਾਂ ਰਾਹੀਂ ਇੰਦਰਾ ਹਕੂਮਤ ਦਾ ਜਬਰ ਭਾਰਤੀ ਲੋਕਾਂ ਨੇ ਅਪਣੇ ਸੀਨਿਆਂ ਤੇ ਝੱਲਿਆ ਸੀ।