ਗਰਭਵਤੀਆਂ ਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ, 28 ਕਰੋੜ…

ਗਰਭਵਤੀਆਂ ਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ, 28 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, (ਵੀਓਪੀ ਬਿਊਰੋ) : ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰਤ ਜਾਰੀ ਕਰਨ ਦੇ ਹੁਕਮ ਦਿਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦਸਿਆ ਕਿ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੇ ਮਹੀਨਾ ਅਕਤੂਬਰ 2024 ਵਿਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਕੁੱਲ 65478 ਔਰਤ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਭੇਜੀ ਜਾ ਚੁਕੀ ਹੈ।

ਕੈਬਨਿਟ ਮੰਤਰੀ ਨੇ ਦਸਿਆ ਕਿ ਸਰਕਾਰ ਵਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ’ਤੇ 5000 ਰੁਪਏ ਦੋ ਕਿਸ਼ਤਾਂ ਵਿਚ (3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰ ਕੇ ਉਨ੍ਹਾਂ ਦੀ ਸਿਹਤ ਵਿਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿਚ ਸੁਧਾਰ ਕਰਨਾ ਹੈ।

error: Content is protected !!