ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ, ਕਿਹਾ- ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ
ਮੋਹਾਲੀ (ਵੀਓਪੀ ਬਿਊਰੋ) Punjab, cm maan, news ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ ਅੱਗੇ ਝੁਕੇਗੀ ਨਹੀਂ, ਜੋ ਵੱਢੀਖੋਰੀ ਦੇ ਦੋਸ਼ਾਂ ਵਿੱਚ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਦੇ ਕਾਰਨ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਇਸ ਗੱਲ ਦਾ ਦੁੱਖ ਹੈ ਕਿ ਸਮੂਹਿਕ ਛੁੱਟੀ ਉਤੇ ਗਏ ਇਹ ਅਧਿਕਾਰੀ ਭ੍ਰਿਸ਼ਟਾਚਾਰ ਲਈ ਲਾਇਸੰਸ ਮੰਗ ਰਹੇ ਹਨ ਹਨ। ਅਸੀਂ ਸਰਕਾਰ ਦੀ ਬਾਂਹ ਮਰੋੜਨ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਅੱਗੇ ਝੁਕਾਂਗੇ ਨਹੀਂ ਅਤੇ ਇਨ੍ਹਾਂ ਭ੍ਰਿਸ਼ਟ ਤੇ ਘਮੰਡੀ ਅਫਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀਆਂ ਵੱਲੋਂ ਸਰਕਾਰ ਉਤੇ ਦਬਾਅ ਬਣਾਉਣ ਲਈ ਇਹੋ ਜਿਹੇ ਹੱਥਕੰਡਿਆਂ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਨਵੇਂ ਤਹਿਸੀਲਦਾਰ ਤੇ ਮਾਲ ਅਧਿਕਾਰੀ ਭਰਤੀ ਕਰੇਗੀ ਜਿਸ ਲਈ ਕੈਬਨਿਟ ਵਿੱਚ ਏਜੰਡਾ ਲਿਆਂਦਾ ਜਾਵੇਗਾ।





