ਸ਼ਹੀਦੀ ਸਮਾਗਮ ‘ਚ ਪਾਏ ਭੰਗੜੇ, ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

ਸ਼ਹੀਦੀ ਸਮਾਗਮ ‘ਚ ਪਾਏ ਭੰਗੜੇ, ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਕਰਵਾਏ ਸੈਮੀਨਾਰ ਦੌਰਾਨ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੌਰਾਨ ਪਾਏ ਗਏ ਭੰਗੜੇ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਖਤ ਨਿਖੇਧੀ ਕੀਤੀ ਗਈ ਸੀ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਵੀ ਐਲਾਨੀ ਗਈ ਸੀ ਅਤੇ ਹੁਣ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।

 

ਸਕੱਤਰੇਤ ਦੇ ਇੰਚਾਰਜ ਬਰੀਚਾ ਸਿੰਘ ਨੇ ਪੱਤਰ ਜਾਰੀ ਕਰ ਕੇ ਲਿਖਿਆ ਹੈ ਕਿ ਬਤੌਰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਆਪ ਵੱਲੋਂ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਟੈਗੋਰ ਹਾਲ ਵਿਖੇ 24 ਜੁਲਾਈ 2025 ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਨੌਵੇਂ ਪਾਤਸ਼ਾਹ ਜੀ ਦੀ ਪਵਿੱਤਰ ਸ਼ਹਾਦਤ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਫ਼ਲਸਫ਼ੇ ਦੇ ਵਿਰੁੱਧ ਅਤੇ ਗੁਰੂ ਸਾਹਿਬ ਜੀ ਦੀ ਭੈਅ ਭਾਵਨੀ ਤੋਂ ਬਾਹਰ ਜਾ ਕੇ ਸ਼ਹੀਦੀ ਦੇ ਸੰਕਲਪ ਨੂੰ ਨਾਚ-ਗਾਣੇ ਅਤੇ ਮਨੋਰੰਜਨ ਕਰਕੇ ਗਹਿਰੀ ਸੱਟ ਮਾਰੀ ਗਈ ਹੈ, ਜਿਸ ਕਰਕੇ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਗਤਾਂ ਵੱਲੋਂ ਸ਼ਿਕਾਇਤਾਂ ਪੁੱਜ ਰਹੀਆਂ ਹਨ। ਇਸ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪ ਨੂੰ 1 ਸਤੰਬਰ ਨੂੰ ਸਵੇਰੇ 10 ਵਜੇ ਨਿੱਜੀ ਰੂਪ ਵਿਚ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਆਦੇਸ਼ ਕੀਤਾ ਹੈ।

error: Content is protected !!