ਕੁਦਰਤ ਦੀ ਮਾਰ ਹੇਠ ਪੰਜਾਬ, ਇੱਕ-ਦੂਜੇ ਦਾ ਸਹਾਰਾ ਬਣੇ ਪੰਜਾਬੀ, PM ਮੋਦੀ ਨੇ ਕੀਤੀ CM ਮਾਨ ਨਾਲ ਗੱਲਬਾਤ
ਵੀਓਪੀ ਬਿਊਰੋ – ਪੰਜਾਬ ਇਸ ਸਮੇਂ ਕੁਦਰਤ ਦੀ ਕਰੋਪੀ ਝੱਲ ਰਿਹਾ ਹੈ। ਪੰਜਾਬ ਦੇ ਅੱਧੇ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋਏ ਪਏ ਹਨ। ਪੰਜਾਬੀ ਖੁਦ ਹੀ ਇੱਕ ਦੂਜੇ ਦਾ ਸਹਾਰਾ ਬਣੇ ਹੋਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਮੌਸਮ ਵਿਭਾਗ ਵੱਲੋਂ ਹਾਲੇ ਵੀ ਪੰਜਾਬ ਵਿੱਚ ਆਰੈਂਜ ਅਲਰਟ ਜਾਰੀ ਹੈ।
ਇਸੇ ਦੌਰਾਨ ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇੰਨੀ ਵੱਡੀ ਤਬਾਹੀ ਦੇ ਮੱਦੇਨਜ਼ਰ, ਸਰਕਾਰ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਤੁਰੰਤ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਵਿੱਚ ਹੜ੍ਹ ਪ੍ਰਬੰਧਨ ਬਾਰੇ ਫੈਸਲੇ ਲਏ ਜਾਣਗੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਸਰਕਾਰ ਤੋਂ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦਹਾਕਿਆਂ ਵਿੱਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨਾਲ ਲਗਭਗ 1,300 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲੱਖਾਂ ਲੋਕ ਮੁਸੀਬਤ ਵਿੱਚ ਹਨ। ਬਾਰਸ਼ ਅਤੇ ਡੈਮਾਂ ਤੋਂ ਛੱਡੇ ਗਏ ਪਾਣੀ ਕਾਰਨ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਹਨ।






