328 ਸਰੂਪਾਂ ਦਾ ਮਾਮਲਾ… ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ ‘ਚ ਦਖਲ ਦੇਣ ਦੀ ਕੋਸ਼ਿਸ਼: SGPC
ਵੀਓਪੀ ਬਿਊਰੋ – ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਕਾਪੀਆਂ ਦੇ ਸੰਬੰਧ ਵਿੱਚ ਦਰਜ ਐਫਆਈਆਰ ਸਬੰਧੀ ਮਤਾ ਪਾਸ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਸਰਕਾਰ ਵੱਲੋਂ ਸਿੱਧੀ ਚੁਣੌਤੀ ਦੱਸਿਆ ਹੈ। ਇਹ ਮਾਮਲਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਦਖਲ ਦੇਣ ਦੀ ਕੋਸ਼ਿਸ਼ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਸਰਕਾਰੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਇਕੱਤਰਤਾ ਵਿਚ ਪਾਸ ਕੀਤੇ ਗਏ ਮਤੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੋਣ ਦੇ ਬਾਵਜੂਦ ਵੀ ਲੰਘੇ ਦਿਨੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ’ਤੇ ਕੁਝ ਲੋਕਾਂ ਵੱਲੋਂ ਲਗਾਏ ਗਏ ਧਰਨੇ ਵਿਚ ਸਰਕਾਰ ਦੇ ਮੰਤਰੀ, ਸਪੀਕਰ ਅਤੇ ਵਿਧਾਇਕ ਵੱਲੋਂ ਸ਼ਮੂਲੀਅਤ ਕਰਨੀ ਤੇ ਪੁਲਿਸ ਨੂੰ ਪਰਚਾ ਦਰਜ ਕਰਨ ਦੇ ਆਦੇਸ਼ ਦੇਣ ਤੋਂ ਸਪੱਸ਼ਟ ਹੈ ਕਿ ਸਰਕਾਰ ਜਾਣਬੁਝ ਕੇ ਇਸ ਮਾਮਲੇ ਵਿਚ ਆਪਣੀ ਸਿਆਸਤ ਸਾਧ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਜਾਂ ਪਾਵਨ ਸਰੂਪ ਗੁੰਮ ਹੋਣ ਦਾ ਨਹੀਂ ਸਗੋਂ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਦਾ ਹੈ। ਇਸ ਮਾਮਲੇ ਨੂੰ ਬੇਅਦਬੀ ਅਤੇ ਪਾਵਨ ਸਰੂਪ ਗੁੰਮ ਹੋਣ ਵਜੋਂ ਪ੍ਰਚਾਰਨਾਂ ਸਿੱਖ ਕੌਮ ਦੀ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਸਿਆਸੀ ਸਾਜ਼ਿਸ਼ ਹੈ, ਜਿਸ ਵਿਚ ਪੰਜਾਬ ਦੀ ਮੌਜੂਦਾ ਸਰਕਾਰ ਵੀ ਪੂਰੀ ਤਰ੍ਹਾਂ ਸ਼ਾਮਲ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਇਹ ਵੀ ਪ੍ਰਵਾਨ ਹੋਇਆ ਕਿ ਇਸ ਸਾਰੇ ਮਾਮਲੇ ਸਬੰਧੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਡਾ. ਈਸ਼ਰ ਸਿੰਘ ਦੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿਚ ਲਿਆਦੀ ਗਈ ਸੀ, ਇਸ ਲਈ ਸਮੁੱਚਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਪਾਸ ਭੇਜਿਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1999 ਵਿਚ ਅੰਗਰੇਜ਼ੀ ਕਿਤਾਬ ਦਾ ਅਨੁਵਾਦ ਕਰਕੇ ਛਾਪੀ ‘ਸਿੱਖ ਇਤਿਹਾਸ’ ਸਬੰਧੀ ਹਿੰਦੀ ਦੀ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੈਨ ਕਰਦਿਆਂ ਵਾਪਸ ਲਿਆ ਜਾ ਚੁੱਕਾ ਹੈ ਅਤੇ ਇਸ ਸਬੰਧੀ ਵੱਖ-ਵੱਖ ਸਮੇਂ ’ਤੇ ਦੋ ਵਾਰ ਅਖ਼ਬਾਰਾਂ ਵਿਚ ਇਸ਼ਤਿਹਾਰ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਬਾਰ-ਬਾਰ ਉਛਾਲਣਾ ਵੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੀ ਹੈ।

