ਜਲੰਧਰ (ਵੀਓਪੀ ਬਿਊਰੋ) ਵਿੱਚ ਸਫ਼ਾਈ, ਸੀਵਰੇਜ਼ ਅਤੇ ਜਲ ਸਪਲਾਈ ਕਾਮਿਆਂ ਦੀ ਹੜਤਾਲ ਨੂੰ ਲੈ ਕੇ ਹੁਣ ਦੇਸ਼ ਭਗਤ ਯਾਦਗਾਰ ਕਮੇਟੀ ਵੀ ਖੁੱਲ੍ਹ ਕੇ ਮੈਦਾਨ ਵਿੱਚ ਆ ਗਈ ਹੈ। ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਨਾਲਾ ਲਾਠੀਚਾਰਜ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਫ਼ਾਈ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ।
ਜਲੰਧਰ ਵਿੱਚ ਸਫ਼ਾਈ, ਸੀਵਰੇਜ਼ ਅਤੇ ਜਲ ਸਪਲਾਈ ਕਾਮਿਆਂ ਦੀ ਮੁਕੰਮਲ ਹੜਤਾਲ ਦੇ ਦਰਮਿਆਨ ਦੇਸ਼ ਭਗਤ ਯਾਦਗਾਰ ਕਮੇਟੀ ਨੇ ਕਾਮਿਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ ਹੈ।

ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਬਰਨਾਲਾ ਵਿੱਚ ਸਫ਼ਾਈ ਕਾਮਿਆਂ, ਖ਼ਾਸ ਕਰਕੇ ਮਹਿਲਾ ਕਾਮਿਆਂ ‘ਤੇ ਹੋਏ ਕਥਿਤ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਕਮੇਟੀ ਦਾ ਕਹਿਣਾ ਹੈ ਕਿ ਮਜ਼ਦੂਰਾਂ ਦੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਾਮਿਆਂ ਨਾਲ ਇਸ ਤਰ੍ਹਾਂ ਦਾ ਸਲੂਕ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ ਅਤੇ ਅਜਿਹੀਆਂ ਘਟਨਾਵਾਂ ਕਿਸੇ ਵੀ ਜਮਹੂਰੀ ਸਮਾਜ ਵਿੱਚ ਮਨਜ਼ੂਰ ਨਹੀਂ ਕੀਤੀਆਂ ਜਾ ਸਕਦੀਆਂ।

ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ ਧੂਰੀ, ਸੰਗਰੂਰ ਅਤੇ ਬਰਨਾਲਾ ਵਿੱਚ ਸਫ਼ਾਈ ਕਾਮਿਆਂ ਨਾਲ ਹੋਈਆਂ ਘਟਨਾਵਾਂ ਮਜ਼ਦੂਰ ਵਰਗ ਨਾਲ ਹੋ ਰਹੇ ਵਿਵਹਾਰ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।
ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਫ਼ਾਈ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਅਤੇ ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ।






