ਜੰਡਿਆਲਾ ਗੁਰੂ ( ਵਰਿੰਦਰ ਸਿੰਘ ਮਲਹੋਤਰਾ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭਗਵਾਨਸਰ ਅਤੇ ਧੀਰੇਕੋਟ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹੱਕਦਾਰ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰਾਂ ਦੇ ਨਾਮ ਸ਼ਾਮਲ ਕਰਨ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਪਾਰਦਰਸ਼ੀ, ਡਿਜੀਟਲ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਣਾਲੀ ਰਾਹੀਂ ਚਲਾਈ ਜਾ ਰਹੀ ਹੈ, ਜਿਸ ਨਾਲ ਹਰ ਯੋਗ ਪਰਿਵਾਰ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਉਸ ਦਾ ਬਣਦਾ ਹੱਕ ਮਿਲੇਗਾ।




