ਔਰਤਾਂ ਨੂੰ ਰਾਜਨੀਤੀ ‘ਚ ਅੱਗੇ ਆਉਣ ਦੀ ਲੋੜ : ਬੀਬੀ ਜਗੀਰ ਕੌਰ

ਔਰਤਾਂ ਨੂੰ ਰਾਜਨੀਤੀ ‘ਚ ਅੱਗੇ ਆਉਣ ਦੀ ਲੋੜ : ਬੀਬੀ ਜਗੀਰ ਕੌਰ

ਵੱਡੀਆਂ ਰੈਲੀਆਂ ਨਹੀਂ, ਘਰ-ਘਰ ਸੰਪਰਕ ਨਾਲ ਮਜ਼ਬੂਤ ਹੋਵੇਗੀ ਪਾਰਟੀ — ਜਗੀਰ ਕੌਰ

ਗਠਜੋੜ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ : ਬੀਬੀ ਜਗੀਰ ਕੌਰ

ਸੋਸ਼ਲ ਮੀਡੀਆ ਨੌਜਵਾਨਾਂ ਨੂੰ ਗੁਮਰਾਹ ਕਰ ਰਿਹਾ : ਜਗੀਰ ਕੌਰ ਦਾ ਵੱਡਾ ਬਿਆਨ

 

ਅੰਮ੍ਰਿਤਸਰ (ਵੀਓਪੀ ਬਿਊਰੋ) :  ਦਫਤਰ ਵਿੱਚ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਰਣਨੀਤੀ, ਔਰਤਾਂ ਦੀ ਰਾਜਨੀਤਿਕ ਭਾਗੀਦਾਰੀ, ਗਠਜੋੜ ਅਤੇ ਪੰਥਕ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਔਰਤਾਂ ਨੂੰ ਵੱਧ ਤੋਂ ਵੱਧ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਪਾਇਲਟ, IAS, IPS ਅਤੇ ਖੇਡਾਂ ਸਮੇਤ ਹਰ ਖੇਤਰ ਵਿੱਚ ਸਫਲ ਹੋ ਸਕਦੀਆਂ ਹਨ ਤਾਂ ਰਾਜਨੀਤੀ ਵਿੱਚ ਵੀ ਵੱਡਾ ਯੋਗਦਾਨ ਦੇ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਔਰਤਾਂ ਨੂੰ ਵੱਡੀ ਭੂਮਿਕਾ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਵਾਰਡ ਵਿੱਚ ਘੱਟੋ-ਘੱਟ 11 ਮੈਂਬਰੀ ਟੀਮ ਬਣਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ ਵੱਡੀਆਂ ਰੈਲੀਆਂ ਨਾਲ ਨਹੀਂ, ਸਗੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਲੋੜ ਹੈ। ਜਗੀਰ ਕੌਰ ਨੇ ਕਿਹਾ ਕਿ ਹੋਰ ਪਾਰਟੀਆਂ ਦੀ ਤਰ੍ਹਾਂ ਹਰ ਘਰ ਦੀ ਜਾਣਕਾਰੀ ਇਕੱਠੀ ਕਰਕੇ ਟੈਕਨੀਕਲ ਤਰੀਕੇ ਨਾਲ ਚੋਣੀ ਲੜਾਈ ਲੜਨੀ ਪਵੇਗੀ, ਤਾਂ ਹੀ ਕਾਮਯਾਬੀ ਮਿਲੇਗੀ। ਗਠਜੋੜ ਦੇ ਸਵਾਲ ‘ਤੇ ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਪਾਰਟੀ ਨਾਲ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਗਠਜੋੜ ਇੱਕ ਗੰਭੀਰ ਮਸਲਾ ਹੁੰਦਾ ਹੈ ਜਿਸ ਲਈ ਸਾਰੀਆਂ ਪਾਰਟੀਆਂ ਵਿਚਾਲੇ ਬੈਠਕਾਂ ਅਤੇ ਸਾਂਝੀ ਰਾਏ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਸੋਚ ਵਾਲੀਆਂ ਸਾਰੀਆਂ ਧਿਰਾਂ ਨੂੰ ਇਕੱਠੇ ਆ ਕੇ ਪੰਜਾਬ ਅਤੇ ਪੰਥਕ ਮੁੱਦਿਆਂ ਲਈ ਕੰਮ ਕਰਨਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਨੌਜਵਾਨ ਸੋਸ਼ਲ ਮੀਡੀਆ ਦੇ ਪ੍ਰਭਾਵ ਹੇਠ ਗੁਮਰਾਹ ਹੋ ਰਹੇ ਹਨ ਅਤੇ ਸਿਆਸਤ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਗਲਤ ਜਾਣਕਾਰੀ ਅਤੇ AI ਰਾਹੀਂ ਬਣਾਈਆਂ ਜਾ ਰਹੀਆਂ ਫੇਕ ਵੀਡੀਓਜ਼ ਤੋਂ ਬਚਿਆ ਜਾਵੇ। ਇਸ ਦੌਰਾਨ ਉਨ੍ਹਾਂ ਕੁਝ ਆਗੂਆਂ ਦੇ ਪਾਰਟੀ ਛੱਡਣ ਦੇ ਮਾਮਲੇ ‘ਤੇ ਵੀ ਕਿਹਾ ਕਿ ਸਿਆਸਤ ਵਿੱਚ ਆਉਣਾ-ਜਾਣਾ ਲੱਗਾ ਰਹਿੰਦਾ ਹੈ, ਪਰ ਹਰ ਲੀਡਰ ਨੂੰ ਆਪਣੀ ਪਾਰਟੀ ਨਾਲ ਡੱਟ ਕੇ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਤੋਂ ਮਿਲੀ ਕਾਮਯਾਬੀ ਦਾ ਅਸਲ ਮਜ਼ਾ ਹੁੰਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥਕ ਅਤੇ ਧਾਰਮਿਕ ਮਸਲਿਆਂ ‘ਤੇ ਸਾਰੀਆਂ ਧਿਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਵੱਡੀਆਂ ਸੰਸਥਾਵਾਂ ਦੇ ਕੰਮਾਂ ਵਿੱਚ ਬਿਨਾਂ ਲੋੜ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।

error: Content is protected !!