Saturday, August 8, 2026
spot_img
HomeLatest Newsਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ...

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਹੋਈ ਵਿਸਥਾਰਪੂਰਵਕ ਚਰਚਾ

ਚੰਡੀਗੜ੍ਹ (ਵੀਓਪੀ ਬਿਊਰੋ): ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਸੂਬੇ ਦੀ ਮੌਜੂਦਾ ਸਥਿਤੀ, ਕਾਨੂੰਨ-ਵਿਵਸਥਾ, ਸਿੱਖ ਮਾਮਲਿਆਂ, ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਸਮੇਤ ਕਈ ਅਹਿਮ ਵਿਸ਼ਿਆਂ ‘ਤੇ ਚਰਚਾ ਕੀਤੀ।

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਸੂਬੇ ਨਾਲ ਜੁੜੇ ਫ਼ੈਸਲੇ ਚੰਡੀਗੜ੍ਹ ਦੀ ਬਜਾਏ ਦਿੱਲੀ ਤੋਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਜਿਸ ਸਰਕਾਰ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਚੁਣਿਆ ਸੀ, ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼, ਵਿਗੜਦੀ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਦੀਆਂ ਚਿੰਤਾਵਾਂ ਅਤੇ ਨੌਜਵਾਨਾਂ ਦੇ ਰੋਜ਼ਗਾਰ ਵਰਗੇ ਮੁੱਦਿਆਂ ‘ਤੇ ਵੀ ਗੰਭੀਰ ਵਿਚਾਰ ਕੀਤਾ ਗਿਆ।

ਕੇਵਲ ਸਿੰਘ ਢਿੱਲੋਂ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ

ਪ੍ਰੋ. ਖਿਆਲਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ।

ਭਾਜਪਾ ਦਫ਼ਤਰ ‘ਤੇ ਹਾਲ ਹੀ ਵਿੱਚ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਢਿੱਲੋਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਵਿੱਚ ਵਿਗੜਦੀ ਕਾਨੂੰਨ-ਵਿਵਸਥਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਰਾਸ਼ਟਰੀ ਪਾਰਟੀ ਦਾ ਦਫ਼ਤਰ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਕਰਜ਼ੇ, ਧਰਨਿਆਂ ਅਤੇ ਅਰਾਜਕਤਾ ਵੱਲ ਧੱਕਿਆ ਗਿਆ ਪੰਜਾਬ: ਢਿੱਲੋਂ

ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿਕਾਸ ਦੀ ਬਜਾਏ ਕਰਜ਼ੇ, ਅਰਾਜਕਤਾ ਅਤੇ ਧਰਨਿਆਂ ਦਾ ਕੇਂਦਰ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਕਿਸਾਨ, ਮੁਲਾਜ਼ਮ, ਪੈਨਸ਼ਨਰ, ਨੌਜਵਾਨ, ਵਪਾਰੀ ਅਤੇ ਅਧਿਆਪਕ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰਣ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀਏ) ਅਤੇ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਮਿਲ ਰਹੀ। ਹਾਈ ਕੋਰਟ ਦੇ ਦਖ਼ਲ ਦੇ ਬਾਵਜੂਦ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀ ਹੈ।

ਬੇਅਦਬੀ, ਫੰਡਾਂ ਅਤੇ ਕਾਨੂੰਨ-ਵਿਵਸਥਾ ‘ਤੇ ਵੀ ਚੁੱਕੇ ਸਵਾਲ

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਸਹਾਇਕ ਪ੍ਰੋਫੈਸਰਾਂ, ਲਾਇਬ੍ਰੇਰੀਅਨਾਂ, ਸਫਾਈ ਸੇਵਕਾਂ ਅਤੇ ਕਿਸਾਨਾਂ ‘ਤੇ ਲਾਠੀਚਾਰਜ ਕਰਨਾ ਲੋਕਤੰਤਰਕ ਮੁੱਲਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਖਜ਼ਾਨਾ ਭਰਿਆ ਹੋਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਸੂਬੇ ‘ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਵਿਕਾਸ ਫੰਡਾਂ ਦੇ ਪਾਰਦਰਸ਼ੀ ਹਿਸਾਬ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਦੀ ਵੀ ਮੰਗ ਕੀਤੀ।

ਮਿਸ਼ਨ 2027 ਦਾ ਕੀਤਾ ਜ਼ਿਕਰ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਲੋਕ ਖੋਖਲੇ ਵਾਅਦਿਆਂ ਦੀ ਬਜਾਏ ਸਰਕਾਰ ਤੋਂ ਹਿਸਾਬ ਮੰਗ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਿਸ਼ਨ 2027 ਤਹਿਤ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿੱਚ ਕਾਨੂੰਨ ਦਾ ਰਾਜ, ਨਸ਼ਾ ਅਤੇ ਗੈਂਗਸਟਰ-ਮੁਕਤ ਮਾਹੌਲ, ਕਿਸਾਨਾਂ ਅਤੇ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਅਤੇ ਹਰ ਵਰਗ ਲਈ ਇਨਸਾਫ਼ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments