Tuesday, September 29, 2026
spot_img
HomeLatest Newsਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ...

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ

ਅੰਮ੍ਰਿਤਸਰ, (ਵੀਓਪੀ ਬਿਊਰੋ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪਵਿੱਤਰ ਧਾਰਮਿਕ ਅਸਥਾਨਾਂ ਵਿੱਚ ਹਿੰਸਾ ਲਈ ਲੋਕਤੰਤਰਿਕ ਭਾਰਤ ਵਿੱਚ ਕੋਈ ਥਾਂ ਨਹੀਂ। ਇਹ ਘਟਨਾ ਕੇਵਲ ਇੱਕ ਰਾਜਨੀਤਿਕ ਆਗੂ ’ਤੇ ਹਮਲਾ ਨਹੀਂ, ਸਗੋਂ ਧਾਰਮਿਕ ਆਸਥਾ, ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਲਈ ਗੰਭੀਰ ਚੁਣੌਤੀ ਹੈ।

ਉਨ੍ਹਾਂ ਸ. ਸੁਖਬੀਰ ਸਿੰਘ ਬਾਦਲ ਦੀ ਜਲਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ ਵਿੱਚ ਕੋਈ ਸਥਾਨ ਨਹੀਂ ਹੈ, ਖ਼ਾਸ ਕਰਕੇ ਸ੍ਰੀ ਹਜ਼ੂਰ ਸਾਹਿਬ ਦੀ ਪਾਵਨ ਧਰਤੀ ’ਤੇ ਤਾਂ ਬਿਲਕੁਲ ਵੀ ਨਹੀਂ। ਇਹ ਪਵਿੱਤਰ ਅਸਥਾਨ ਸਾਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਇਸ ਲਈ ਇੱਥੇ ਵਾਪਰੀ ਅਜਿਹੀ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਵਿਚਾਰਧਾਰਕ ਅਤੇ ਰਾਜਨੀਤਿਕ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਹਿੰਸਾ ਕਦੇ ਵੀ ਰਾਜਨੀਤੀ ਦਾ ਸਾਧਨ ਨਹੀਂ ਬਣ ਸਕਦੀ। ਵਿਚਾਰਾਂ ਦਾ ਜਵਾਬ ਵਿਚਾਰਾਂ ਨਾਲ, ਦਲੀਲ ਦਾ ਜਵਾਬ ਦਲੀਲ ਨਾਲ ਅਤੇ ਅਸਹਿਮਤੀ ਦਾ ਜਵਾਬ ਸੰਵਿਧਾਨ ਤੇ ਕਾਨੂੰਨ ਦੇ ਦਾਇਰੇ ਵਿੱਚ ਹੀ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰ ਕਾਬੂ ਵਿੱਚ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਇਸ ਲਈ ਕਿਸੇ ਵੀ ਰਾਜਨੀਤਿਕ ਜਾਂ ਸੰਗਠਨਾਤਮਕ ਸਾਜ਼ਿਸ਼ ਬਾਰੇ ਅੰਤਿਮ ਨਤੀਜੇ ’ਤੇ ਪਹੁੰਚਣਾ ਠੀਕ ਨਹੀਂ। ਪਰ ਜੇ ਜਾਂਚ ਦੌਰਾਨ ਕਿਸੇ ਸੰਗਠਿਤ ਸਾਜ਼ਿਸ਼ ਜਾਂ ਉਕਸਾਵੇ ਦਾ ਪਤਾ ਲੱਗਦਾ ਹੈ ਤਾਂ ਉਹਨਾਂ ਸ਼ਕਤੀਆਂ ਦਾ ਪੂਰਾ ਪਰਦਾਫਾਸ਼ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਇਸ ਮਾਮਲੇ ਵਿੱਚ ਆਪਣਾ ਕੰਮ ਕਰ ਰਹੇ ਹਨ। ਫਿਰ ਵੀ ਉਹ ਕੇਂਦਰ ਤੇ ਮਹਾਰਾਸ਼ਟਰ ਸਰਕਾਰ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੀ ਮੰਗ ਕਰਦਾ ਹੈ, ਤਾਂ ਜੋ ਸੱਚ ਜਨਤਾ ਸਾਹਮਣੇ ਆਵੇ ਅਤੇ ਸੁਰੱਖਿਆ ਵਿੱਚ ਹੋਈ ਕਿਸੇ ਵੀ ਕਮੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

ਪ੍ਰੋ. ਖਿਆਲਾ ਨੇ ਕਿਹਾ ਕਿ ਦਸੰਬਰ 2024 ਵਿੱਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਸੁਖਬੀਰ ਸਿੰਘ ਬਾਦਲ ’ਤੇ ਹੋਈ ਜਾਨਲੇਵਾ ਕੋਸ਼ਿਸ਼ ਤੋਂ ਬਾਅਦ ਇਹ ਦੂਜੀ ਵੱਡੀ ਸੁਰੱਖਿਆ ਘਟਨਾ ਹੈ। ਇਹ ਲਗਾਤਾਰ ਵਾਪਰ ਰਹੀਆਂ ਘਟਨਾਵਾਂ, ਸੁਖਬੀਰ ਬਾਦਲ ਦੀਆਂ ਪਿਛਲੀਆਂ ਕਾਰਗੁਜ਼ਾਰੀਆਂ ਪ੍ਰਤੀ ਇੱਕ ਵਰਗ ਵਿੱਚ ਮੌਜੂਦ ਰੋਸ, ਸੁਰੱਖਿਆ ਪ੍ਰੋਟੋਕੋਲ, ਖ਼ੁਫ਼ੀਆ ਤਾਲਮੇਲ ਅਤੇ VVIP ਸੁਰੱਖਿਆ ਪ੍ਰਬੰਧਾਂ ਦੀ ਗੰਭੀਰ ਸਮੀਖਿਆ ਦੀ ਮੰਗ ਕਰਦੀਆਂ ਹਨ।

ਧਾਰਮਿਕ ਸਥਾਨਾਂ ’ਤੇ ਆਉਣ ਵਾਲੇ ਹਰ ਸ਼ਰਧਾਲੂ ਅਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਅੰਤ ਵਿੱਚ ਪ੍ਰੋ. ਖਿਆਲਾ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਰੇਖਾਵਾਂ ਤੋਂ ਉੱਪਰ ਉੱਠ ਕੇ ਇਸ ਹਿੰਸਕ ਘਟਨਾ ਦੀ ਇਕਸੁਰ ਨਿੰਦਾ ਕਰਨ ਅਤੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਲੋਕਤੰਤਰਿਕ ਮਰਿਆਦਾ ਦੀ ਰੱਖਿਆ ਲਈ ਸਾਂਝਾ ਸੰਕਲਪ ਪ੍ਰਗਟ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments