ਨੰਦੇੜ ਸਾਹਿਬ (ਪਰਮਜੀਤ ਸਿੰਘ ਰੰਗਪੁਰੀ) ਮਹਾਰਾਸ਼ਟਰ ਦੇ ਨੰਦੇੜ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਉਸ ਸਮੇਂ ਵਾਪਰੀ, ਜਦੋਂ ਸੁਖਬੀਰ ਬਾਦਲ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੀਆਂ ਪੌੜੀਆਂ ਤੋਂ ਹੇਠਾਂ ਆ ਰਹੇ ਸਨ।
ਮੁੱਢਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੇ ਕਿਰਪਾਨ ਨਾਲ ਸੁਖਬੀਰ ਬਾਦਲ ਵੱਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਦਖ਼ਲ ਦਿੰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਉਪਲਬਧ ਜਾਣਕਾਰੀ ਅਨੁਸਾਰ ਉਹ ਪੁਣੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਅਤੇ ਉਸਦਾ ਨਾਮ ਤੇਜਾ ਸਿੰਘ ਦੇ ਪੁੱਤਰ ਜਸਪਾਲ ਸਿੰਘ ਵਜੋਂ ਸਾਹਮਣੇ ਆਇਆ ਹੈ। ਉਸਦਾ ਸਬੰਧ ਪੁਣੇ ਦੇ ਸੋਲਾਪੁਰ ਬਾਜ਼ਾਰ ਇਲਾਕੇ ਨਾਲ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਜਸਪਾਲ ਸਿੰਘ ਮੂਲ ਰੂਪ ਵਿੱਚ ਪੁਣੇ ਦੇ ਰਹਿਣ ਵਾਲੇ ਇੱਕ ਵਕੀਲ ਹਨ ਅਤੇ ਉੱਥੇ ਇੱਕ ਅਦਾਲਤ ਵਿੱਚ ਵਕਾਲਤ ਕਰ ਚੁੱਕੇ ਹਨ। ਪਿਛਲੇ ਕਰੀਬ ਦੋ ਸਾਲਾਂ ਤੋਂ ਨੰਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਨਾਲ ਸੇਵਾਦਾਰ ਵਜੋਂ ਜੁੜਿਆ ਹੋਇਆ ਸੀ। ਹਮਲੇ ਤੋਂ ਬਾਅਦ ਹੋਈ ਧੱਕਾ-ਮੁੱਕੀ ਦੌਰਾਨ ਉਸਦੀ ਦਸਤਾਰ ਉਤਰ ਗਈ ਸੀ। ਸਾਹਮਣੇ ਆਈ ਵੀਡੀਓ ਵਿੱਚ ਪੁਲਿਸ ਦੀ ਮੌਜੂਦਗੀ ਵਿੱਚ ਉਸਦੀ ਦਸਤਾਰ ਮੁੜ ਸਜਾਈ ਜਾਂਦੀ ਦਿਖਾਈ ਦੇ ਰਹੀ ਹੈ।

ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀਆਂ ਵੱਲੋਂ ਹਮਲੇ ਦੇ ਪਿੱਛੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹਮਲਾ ਕਿਸੇ ਸਾਜ਼ਿਸ਼ ਦਾ ਹਿੱਸਾ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ।
ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਦੀ ਮੰਗ ਕੀਤੇ ਜਾਣ ਦੀ ਜਾਣਕਾਰੀ ਹੈ, ਜਿਸ ਤੋਂ ਬਾਅਦ ਪੁੱਛਗਿੱਛ ਦੌਰਾਨ ਹਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।







