ਚੰਡੀਗੜ੍ਹ (ਵੀਓਪੀ ਬਿਊਰੋ): ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਗੈਂਗਸਟਰਵਾਦ ਅਤੇ ਆਮ ਲੋਕਾਂ ਦੇ ਹੱਕਾਂ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸਮੇਤ ਕਈ ਆਗੂ ਮੌਜੂਦ ਰਹੇ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋ ਰਹੀ ਹੈ ਅਤੇ ਉਨ੍ਹਾਂ ਦੇ ਦੋਸ਼ ਮੁਤਾਬਕ ਸਰਕਾਰ ਗੈਂਗਸਟਰਵਾਦ ਨੂੰ ਹੱਲਾਸ਼ੇਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਆਪਣੇ ਹੱਕ ਵਿੱਚ ਆਵਾਜ਼ ਉਠਾਉਣ ਅਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਹੱਕ ਵੀ ਕਥਿਤ ਤੌਰ ’ਤੇ ਖੋਹਿਆ ਜਾ ਰਿਹਾ ਹੈ।
ਚੰਨੀ ਨੇ ਗੁਰਪ੍ਰੀਤ ਸਿੰਘ ਸੇਖੋਂ ਨਾਲ ਜੁੜੇ ਮਾਮਲੇ ਦਾ ਹਵਾਲਾ ਦਿੰਦਿਆਂ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਗੈਂਗਸਟਰਾਂ ਨਾਲ ਸਿਆਸੀ ਸਾਂਝ ਜਾਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਿਆਸੀ ਸਹਿਯੋਗ ਮਿਲਣਾ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਵੀ ਕਾਂਗਰਸ ਵੱਲੋਂ ਰਾਜਪਾਲ ਦੇ ਸਾਹਮਣੇ ਚੁੱਕਿਆ ਗਿਆ। ਚੰਨੀ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਬਿਆਨ ਵਿੱਚ ਕੁਝ ਸਿਆਸੀ ਆਗੂਆਂ ਦੇ ਨਾਮ ਲਏ ਸਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਜੇਕਰ ਜਾਂਚ ਵਿੱਚ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੇ ਕਥਿਤ ਦਖ਼ਲ ਅਤੇ ਪੁਲਿਸ-ਸਿਆਸੀ ਗਠਜੋੜ ਦੇ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਗੁਰਦਾਸਪੁਰ ਵਿੱਚ ਸਥਾਨਕ ਚੋਣਾਂ ਦੌਰਾਨ ਕਥਿਤ ਗੈਂਗਸਟਰ ਦਖ਼ਲ ਦਾ ਮੁੱਦਾ ਵੀ ਚੁੱਕਿਆ।






