ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਵਿੱਚ ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਨੂੰ ਹਨੇਰੇ ਵੱਲ ਧੱਕਣ ਦਾ ਦੋਸ਼ ਲਗਾਇਆ ਹੈ।
ਵੜਿੰਗ ਨੇ ਕਿਹਾ ਕਿ ਲੁਧਿਆਣਾ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 18 ਘੰਟਿਆਂ ਤੱਕ ਦੇ ਬਿਜਲੀ ਕੱਟ ਲੱਗ ਰਹੇ ਹਨ। ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਚਾਨਣ ਲਈ ਮੋਮਬੱਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਦਾ ਸਿੱਧਾ ਅਸਰ ਪੰਜਾਬ ਦੇ ਕਿਸਾਨਾਂ ਅਤੇ ਉਦਯੋਗਾਂ ’ਤੇ ਪੈ ਰਿਹਾ ਹੈ। ਇੱਕ ਪਾਸੇ ਕਿਸਾਨ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਜੂਝ ਰਹੇ ਹਨ, ਜਦਕਿ ਦੂਜੇ ਪਾਸੇ ਉਦਯੋਗਾਂ ਨੂੰ ਬਿਜਲੀ ਦੀ ਕਮੀ ਕਾਰਨ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਿਜਲੀ ਦੀ ਸਿਖ਼ਰਲੀ ਮੰਗ ਕਰੀਬ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਰਹੀ ਹੈ, ਜਦਕਿ ਸੂਬੇ ਦਾ ਆਪਣਾ ਉਤਪਾਦਨ ਲਗਭਗ 4 ਹਜ਼ਾਰ ਮੈਗਾਵਾਟ ਦੇ ਨੇੜੇ ਹੈ। ਉਨ੍ਹਾਂ ਮੁਤਾਬਕ ਬਾਹਰੋਂ ਲਗਭਗ 11,500 ਮੈਗਾਵਾਟ ਬਿਜਲੀ ਖ਼ਰੀਦਣ ਦੇ ਬਾਵਜੂਦ ਮੰਗ ਅਤੇ ਉਪਲਬਧਤਾ ਵਿਚਕਾਰਲਾ ਪਾੜਾ ਸਮੱਸਿਆ ਬਣਿਆ ਹੋਇਆ ਹੈ।
ਰਾਜਾ ਵੜਿੰਗ ਨੇ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ’ਤੇ ਪੈ ਰਹੇ ਬਿਜਲੀ ਸੰਕਟ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ—“ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਸੁੱਕ ਰਹੀਆਂ ਹਨ ਅਤੇ ਝੋਨਾ ਮੁਰਝਾ ਚੁੱਕਾ ਹੈ।”ਉਨ੍ਹਾਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਸਿੰਚਾਈ ਵਾਲੇ ਪੰਪ ਚਲਾਉਣ ਲਈ ਮਹਿੰਗੇ ਡੀਜ਼ਲ ਜਨਰੇਟਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇਸ ਨਾਲ ਪਹਿਲਾਂ ਹੀ ਵਧ ਰਹੇ ਖੇਤੀਬਾੜੀ ਖ਼ਰਚਿਆਂ ਵਿਚਕਾਰ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪੈ ਰਿਹਾ ਹੈ।
ਵੜਿੰਗ ਨੇ ਪੰਜਾਬ ਦੇ ਉਦਯੋਗਿਕ ਖੇਤਰ ਦੀ ਸਥਿਤੀ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਰਾਤ 8 ਵਜੇ ਤੋਂ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ, ਜਦਕਿ ਰਿਹਾਇਸ਼ੀ ਇਲਾਕਿਆਂ ਵਿੱਚ ਵੀ ਲੰਬੇ ਬਿਜਲੀ ਕੱਟ ਆਮ ਹੋ ਗਏ ਹਨ।ਉਨ੍ਹਾਂ ਦਾਅਵਾ ਕੀਤਾ ਕਿ ਲੰਬੇ ਕੱਟਾਂ ਕਾਰਨ ਘਰਾਂ ਦੇ ਇਨਵਰਟਰ ਵੀ ਜਵਾਬ ਦੇ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਰਹੀਆਂ ਹਨ।
ਕਾਂਗਰਸੀ ਆਗੂ ਨੇ ਕਿਹਾ ਕਿ ਬਿਜਲੀ ਸੰਕਟ ਦਾ ਸਭ ਤੋਂ ਵੱਧ ਅਸਰ ਪੇਂਡੂ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪਿੰਡਾਂ ਵਿੱਚ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਕਿਸਾਨਾਂ ਲਈ ਸਿੰਚਾਈ ਕਰਨਾ ਮੁਸ਼ਕਲ ਹੋ ਰਿਹਾ ਹੈ ਅਤੇ ਖੜ੍ਹੀ ਝੋਨੇ ਦੀ ਫ਼ਸਲ ਖ਼ਤਰੇ ਵਿੱਚ ਪੈ ਰਹੀ ਹੈ।ਵੜਿੰਗ ਨੇ ਇਹ ਵੀ ਦਾਅਵਾ ਕੀਤਾ ਕਿ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟਾਂ ਦੀ ਇੱਕ-ਇੱਕ ਯੂਨਿਟ ਬੰਦ ਪਈ ਹੈ, ਜਿਸ ਕਾਰਨ ਬਿਜਲੀ ਦੀ ਮੰਗ ਪੂਰੀ ਕਰਨ ਦੀ ਸੂਬੇ ਦੀ ਸਮਰੱਥਾ ਹੋਰ ਪ੍ਰਭਾਵਿਤ ਹੋਈ ਹੈ।
ਉਨ੍ਹਾਂ ਮੁਤਾਬਕ ਰਾਜਪੁਰਾ ਥਰਮਲ ਪਲਾਂਟ ਕੋਲ ਕਰੀਬ 7 ਦਿਨਾਂ ਦਾ ਕੋਲਾ ਸਟਾਕ, ਜਦਕਿ ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਲਗਭਗ 4 ਦਿਨਾਂ ਦਾ ਕੋਲਾ ਬਚਿਆ ਹੈ।
ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਬਿਜਲੀ ਦੀ ਮੌਸਮੀ ਮੰਗ ਵਿੱਚ ਹੋਏ ਵਾਧੇ ਨਾਲ ਨਜਿੱਠਣ ਲਈ ਢੁਕਵੀਂ ਤਿਆਰੀ ਕਰਨ ਵਿੱਚ ਅਸਫ਼ਲ ਰਹੀ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ, ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ, ਉਦਯੋਗਾਂ ਦਾ ਕੰਮਕਾਜ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਨਾ ਹੋਵੇ।
ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਣ ਦਾ ਇੱਕ ਹੋਰ ਸ਼ਰਮਨਾਕ ਰਿਕਾਰਡ ਆਪਣੇ ਨਾਂ ਕਰ ਲਿਆ ਹੈ।





