ਜਲੰਧਰ (ਵੀਓਪੀ ਬਿਊਰੋ) ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਪਹੁੰਚੇ। ਇਸ ਮੌਕੇ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਣਾ ਗੁਰਜੀਤ ਸਿੰਘ ਨੇ ਕਲੱਬ ਦੇ ਵਿਕਾਸ ਅਤੇ ਨਵੀਨੀਕਰਨ ਲਈ ਭਵਿੱਖ ਵਿੱਚ ਵੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚ ਕੇ ਕਲੱਬ ਦੇ ਅਹੁਦੇਦਾਰਾਂ ਅਤੇ ਗਵਰਨਿੰਗ ਕੌਂਸਲ ਦੇ ਨਾਲ ਮੁਲਾਕਾਤ ਕੀਤੀ। ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਅਤੇ ਪਰਮਜੀਤ ਸਿੰਘ ਰੰਗਪੁਰੀ, ਮਨਦੀਪ ਸ਼ਰਮਾ, ਜਤਿੰਦਰਪਾਲ ਸਿੰਘ ਅਤੇ ਰਜੇਸ਼ ਥਾਪਾ ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਕਲੱਬ ਵੱਲੋਂ ਪਹਿਲਾਂ ਦਿੱਤੀ ਗਈ ਵਿੱਤੀ ਸਹਾਇਤਾ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ।

ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਪੱਤਰਕਾਰ ਭਾਈਚਾਰੇ ਦੀ ਇੱਕ ਮਹੱਤਵਪੂਰਨ ਸੰਸਥਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਭਲਾਈ ਅਤੇ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਲੱਬ ਦੀਆਂ ਲੋੜਾਂ ਅਤੇ ਮੁਰੰਮਤ ਤੇ ਨਵੀਨੀਕਰਨ ਦੇ ਕੰਮਾਂ ਸਬੰਧੀ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਭਵਿੱਖ ਵਿੱਚ ਵੀ ਹੋਰ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।






