ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ):- ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਾਂਵਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਸੀ.ਐਚ.ਸੀ. ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਸਬੰਧੀ ਫੀਡਬੈਕ ਹਾਸਲ ਕੀਤੀ। ਉਨ੍ਹਾਂ ਵੱਲੋਂ ਡਾਕਟਰਾਂ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ-ਨਾਲ ਓ.ਪੀ.ਡੀ. ਦਾ ਵੀ ਨਿਰੀਖਣ ਕੀਤਾ ਗਿਆ।
ਆਪਣੇ ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੀ.ਐਚ.ਸੀ. ਮਾਨਾਂਵਾਲ ਦੇ ਨਿਰੀਖਣ ਦੌਰਾਨ ਸਾਰੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਅਮਲਾ ਹਾਜ਼ਰ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਇਲਾਜ ਸੇਵਾਵਾਂ ਬਾਰੇ ਫੀਡਬੈਕ ਵੀ ਲਈ ਗਈ, ਜਿਸ ਦੌਰਾਨ ਮਰੀਜ਼ਾਂ ਨੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਸੂਬਾ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਹਸਪਤਾਲਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦਾ ਆਮ ਲੋਕਾਂ ਵੱਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਲ ਰਹੀਆਂ ਸਹੂਲਤਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕਰਨਾ ਸਰਕਾਰ ਦੇ ਯਤਨਾਂ ਦੀ ਮਹੱਤਵਪੂਰਨ ਪ੍ਰਾਪਤੀ ਹੈ।





