ਅੰਮ੍ਰਿਤਸਰ (ਵੀਓਪੀ ਬਿਊਰੋ):-ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਲਾ ਪਿੰਡ ’ਚ ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਕਸਟਡੀ ’ਚੋਂ ਫਰਾਰ ਹੋ ਗਿਆ ਹੈ।
ਜਾਣਕਾਰੀ ਮੁਤਾਬਕ, ਫਰਾਰ ਹੋਏ ਮੁਲਜ਼ਮ ਦੀ ਪਛਾਣ ਕਰਨ ਵਜੋਂ ਹੋਈ ਹੈ। ਪੁਲਿਸ ਟੀਮ ਉਸਨੂੰ ਰਿਕਵਰੀ ਲਈ ਮਜੀਠਾ ਇਲਾਕੇ ਵਿੱਚ ਲੈ ਕੇ ਗਈ ਸੀ। ਇਸੇ ਦੌਰਾਨ ਮੁਲਜ਼ਮ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਨੇ ਉਸਦੀ ਭਾਲ ਤੇਜ਼ ਕਰ ਦਿੱਤੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਥਿਤ ਲਾਪਰਵਾਹੀ ਦੇ ਦੋਸ਼ ਹੇਠ ਇੱਕ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।
ਦੱਸ ਦੇਈਏ ਕਿ 11 ਸਤੰਬਰ ਦੀ ਰਾਤ ਭਲਾ ਪਿੰਡ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿੱਚ ਤਾਇਨਾਤ ASI ਜਸਵੰਤ ਸਿੰਘ ਮੋਟਰਸਾਈਕਲ ’ਤੇ ਅਜਨਾਲਾ ਸਥਿਤ ਆਪਣੇ ਘਰ ਵੱਲ ਜਾ ਰਹੇ ਸਨ।

ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫਾਇਰਿੰਗ ਕਰ ਦਿੱਤੀ। ਗੋਲੀ ASI ਜਸਵੰਤ ਸਿੰਘ ਦੀ ਪੱਗ ’ਤੇ ਲੱਗੀ ਅਤੇ ਸਿਰ ਨੂੰ ਛੂਹ ਕੇ ਨਿਕਲ ਗਈ। ਇਸ ਕਾਰਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।
ਇਸ ਮਾਮਲੇ ਵਿੱਚ ਰਾਜਾਸਾਂਸੀ ਪੁਲਿਸ ਨੇ ਕਰਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਉਸਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ।






