ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ):- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ-1 ਲੜਕੇ, ਜੰਡਿਆਲਾ ਗੁਰੂ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ।
ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ ਇਸ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ 60.80 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੀ.ਆਈ.ਡੀ.ਬੀ. ਸਕੀਮ ਅਧੀਨ ਪ੍ਰਾਪਤ ਫੰਡਾਂ ਨਾਲ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ ਹੈ। ਨਵੀਂ ਇਮਾਰਤ ਵਿੱਚ 7 ਨਵੇਂ ਕਮਰਿਆਂ, ਵਾਸ਼ਰੂਮਾਂ ਅਤੇ ਇੰਟਰਲਾਕ ਟਾਇਲਾਂ ਦਾ ਕੰਮ ਕਰਵਾਇਆ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਧੁਨਿਕ ਅਤੇ ਸੁਵਿਧਾਜਨਕ ਸਕੂਲੀ ਇਮਾਰਤਾਂ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
Varinder Singh Malhotra
President
Jandiala Press Club
Ph 98889-68889
Hide quoted text





