ਜਲੰਧਰ (ਵੀਓਪੀ ਬਿਊਰੋ) ਸੱਤਾਧਾਰੀ ਧਿਰ ਦੇ ਇਸ਼ਾਰੇ ਉੱਤੇ ਸੰਗਰੂਰ ਪੁਲਿਸ ਵਲੋਂ ਜ਼ਿਲ੍ਹੇ ਦੇ ਪਿੰਡ ਕਨੋਈ ਵਿਖੇ ਪਿੰਡ ਦੇ ਸਰਪੰਚ ਦੀ ਧੱਕੇਸ਼ਾਹੀ ਦਾ ਸ਼ਿਕਾਰ ਖੁਦਕੁਸ਼ੀ ਕਰ ਗਏ ਦਲਿਤ ਮਜ਼ਦੂਰ ਦਾ ਧੱਕੇ ਨਾਲ ਪੋਸਟਮਾਰਟਮ ਕਰਵਾਉਣ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਦੀ ਗੈਰ-ਮੌਜੂਦਗੀ ਚ ਖ਼ੁਦ ਹੀ ਸੰਸਕਾਰ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਖੁਦਕਸ਼ੀ ਕਰ ਗਏ ਦਲਿਤ ਮਜ਼ਦੂਰ ਨੂੰ ਇਨਸਾਫ਼ ਦੇਣ ਦੀ ਬਜਾਏ ਇਨਸਾਫ਼ ਦੀ ਮੰਗ ਕਰ ਰਹੇ ਉਸਦੇ ਮਾਪਿਆਂ ਅਤੇ ਉਹਨਾਂ ਦੇ ਹਮਾਇਤੀਆਂ ਨੂੰ ਸੰਗਰੂਰ ਪੁਲਿਸ ਵਲੋਂ ਜ਼ਬਰਦਸਤੀ ਗ੍ਰਿਫ਼ਤਾਰ ਕਰਨ ਉਪਰੰਤ ਧੱਕੇ ਨਾਲ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਜੋ ਪੁਲਿਸ ਰਾਜ ਦੀ ਨਿਸ਼ਾਨੀ ਹੈ। ਉਨ੍ਹਾਂ ਦੋਸ਼ੀ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਯੂਨੀਅਨ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਨੂੰ ਨੰਗੀ ਚਿੱਟੀ ਗੁੰਡਾਗਰਦੀ ਤੇ ਤਾਨਾਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਭਨਾਂ ਨਿਯਮਾਂ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਪੰਜਾਬ ਨੂੰ ਪੁਲਿਸ ਰਾਜ ਚ ਤਬਦੀਲ ਕਰਕੇ ਲਗਾਤਾਰ ਦਲਿਤਾਂ ਉੱਪਰ ਜ਼ਬਰ ਕਰ ਰਹੀ ਹੈ। ਉਨ੍ਹਾਂ ਦਲਿਤ ਮਜ਼ਦੂਰ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਰਪੰਚ ਵਗੈਰਾ ਵਿਰੁੱਧ ਐਸ ਸੀ ਐਸ ਟੀ ਐਕਟ ਸਮੇਤ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਫੌਰੀ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ।
ਯੂਨੀਅਨ ਨੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਇਸ ਧੱਕੜ ਕਾਰਵਾਈ ਖਿਲਾਫ਼ ਮੈਦਾਨ ਚ ਨਿੱਤਰਣ ਦਾ ਸੱਦਾ ਦਿੱਤਾ ਹੈ।a





