ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਨਵੇਂ ਕਾਨੂੰਨ ਨੂੰ ਲੈ ਕੇ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਅਗਲੀ ਗੱਲਬਾਤ ਦਾ ਰਾਹ ਖੁੱਲ੍ਹ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਣਾਈ ਗਈ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ 6 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਦੁਪਹਿਰ 12 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਦਿੱਤੇ ਗਏ ਸੁਝਾਵਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ।
ਕਮੇਟੀ ਵੱਲੋਂ ਐਕਟ ਦੇ ਵੱਖ-ਵੱਖ ਪ੍ਰਾਵਧਾਨਾਂ ਦੀ ਸਮੀਖਿਆ ਕਰਨ ਦੇ ਨਾਲ ਇਹ ਵੀ ਵਿਚਾਰਿਆ ਜਾਵੇਗਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਅੱਗੇ ਕਿਵੇਂ ਤਾਲਮੇਲ ਕੀਤਾ ਜਾਵੇ। ਸਰਕਾਰ ਦਾ ਕਹਿਣਾ ਹੈ ਕਿ ਗੱਲਬਾਤ ਦਾ ਮਕਸਦ ਕਾਨੂੰਨ ਦੀ ਮੂਲ ਭਾਵਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸਾਰੇ ਸੁਝਾਵਾਂ ’ਤੇ ਵਿਚਾਰ ਕਰਨਾ ਹੈ।
ਪੰਜਾਬ ਸਰਕਾਰ ਨੇ 16 ਸਤੰਬਰ ਨੂੰ ਇਸ ਕਮੇਟੀ ਦਾ ਗਠਨ ਕੀਤਾ ਸੀ। ਇਸ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਣਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ PPSC ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।





