ਚੋਣਾਂ ਤੋਂ ਪਹਿਲਾਂ ਵਿਜੀਲੈਂਸ ਦੀ ਕਾਰਵਾਈ ’ਤੇ ਡੈਨੀ ਬੰਡਾਲਾ ਨੇ ਚੁੱਕੇ ਸਵਾਲ,
ਕਿਹਾ ਵਿਰੋਧੀਆਂ ਨੂੰ ਦਬਾਉਣ ਦੀ ਬਜਾਏ ਨਸ਼ੇ ਤੇ ਅਪਰਾਧ ਰੋਕਣ ਵੱਲ ਧਿਆਨ ਦੇਵੇ ਸਰਕਾਰ ਜੰਡਿਆਲਾ ਗੁਰੂ (ਵਰਿੰਦਰ ਸਿੰਘ) ਮਲਹੋਤਰਾ :-
ਕਾਂਗਰਸ ਦੇ ਸੀਨੀਅਰ ਆਗੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ’ਤੇ ਵਿਰੋਧੀ ਆਗੂਆਂ ਅਤੇ ਵਰਕਰਾਂ ਨੂੰ ਦਬਾਉਣ ਲਈ ਸਰਕਾਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਪਿੰਡ ਸਰਜਾ ਦੇ ਸਰਪੰਚ ਮਲਕੀਤ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਡੈਨੀ ਬੰਡਾਲਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ’ਤੇ ਸਵਾਲ ਚੁੱਕੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਨੂੰ ਵੀ ਦੱਸਣਾ ਚਾਹੀਦਾ ਹੈ ਕਿ ਚੋਣਾਂ ਤੋਂ ਠੀਕ ਪਹਿਲਾਂ ਵਿਜੀਲੈਂਸ ਦੀ ਕਾਰਵਾਈ ਕਿਉਂ ਯਾਦ ਆਈ।
ਉਨ੍ਹਾਂ ਕਿਹਾ ਕਿ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਜੇਕਰ ਕੋਈ ਮਾਮਲਾ ਸੀ ਤਾਂ ਇਸ ’ਤੇ ਪਹਿਲਾਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਸਰਜਾ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਚਾਇਤ ਦੇ ਚਾਰ ਮੈਂਬਰਾਂ, ਜਿਨ੍ਹਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ, ਨੂੰ ਮੁਅੱਤਲ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਸਰਪੰਚ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਚਾਰੇ ਮੈਂਬਰ ਬਹਾਲ ਹੋ ਗਏ।
ਕਾਂਗਰਸ ਆਗੂ ਨੇ ਕਿਹਾ ਕਿ ਪਿੰਡ ਸਰਜਾ ਨੂੰ ਜ਼ਿਲ੍ਹੇ ਦੇ ਵਿਕਸਿਤ ਪਿੰਡਾਂ ਵਿੱਚ ਸਨਮਾਨ ਮਿਲਿਆ ਹੈ ਅਤੇ ਇਸ ਦੀਆਂ ਪ੍ਰਾਪਤੀਆਂ ਦਾ ਸਿਹਰਾ ਪਿੰਡ ਦੇ ਲੋਕਾਂ ਅਤੇ ਪੰਚਾਇਤ ਦੀ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਵਿਕਾਸ ਕਾਰਜਾਂ ਲਈ ਸਨਮਾਨ ਪ੍ਰਾਪਤ ਕਰਨ ਵਾਲੇ ਪਿੰਡਾਂ ਦੀ ਉਦਾਹਰਨ ਦਿੰਦਿਆਂ ਉਹ ਮੌਜੂਦਾ ਸਰਕਾਰ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਆਪਣੇ ਕਾਰਜਕਾਲ ਦੌਰਾਨ ਵਿਕਾਸ ਲਈ ਸਨਮਾਨ ਪ੍ਰਾਪਤ ਕਰਨ ਵਾਲੀਆਂ ਪੰਚਾਇਤਾਂ ਦੇ ਨਾਮ ਜਨਤਕ ਕਰੇ। ਡੈਨੀ ਬੰਡਾਲਾ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਨਸ਼ੇ, ਅਪਰਾਧ ਅਤੇ ਭ੍ਰਿਸ਼ਟਾਚਾਰ ਦੀ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ।





