Saturday, October 17, 2026
spot_img
HomeLatest Newsਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੰਡਿਆਲਾ ਗੁਰੂ ਵਿਖੇ ਕੈਂਡਲ...

ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੰਡਿਆਲਾ ਗੁਰੂ ਵਿਖੇ ਕੈਂਡਲ ਮਾਰਚ ਕੱਢਿਆ

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਕੌਣ ਕਰੇਗਾ : ਸੁਖਵਿੰਦਰ ਸਿੰਘ ਡੈਨੀ ਬੰਡਾਲਾ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਜੰਡਿਆਲਾ ਗੁਰੂ ਵਿਖੇ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ।

ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਦੇ ਖ਼ਾਤਮੇ ਲਈ ਮੁਹਿੰਮ ਚਲਾਉਣ ਵਾਲੇ ਲੋਕ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਸਬੰਧੀ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ‘ਨਸ਼ਾ ਰੋਕੋ, ਰੁਜ਼ਗਾਰ ਦਿਓ’ ਮੁਹਿੰਮ ਚਲਾਉਣ ਵਾਲੇ ਝੋਟਾ ਨੂੰ ਗੋਲੀ ਮਾਰਨ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਸਬੰਧੀ ਸਰਕਾਰ ਨੂੰ ਆਪਣੀ ਜਵਾਬਦੇਹੀ ਸਪੱਸ਼ਟ ਕਰਨੀ ਚਾਹੀਦੀ ਹੈ।

ਡੈਨੀ ਬੰਡਾਲਾ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਨਾਲ ਸਬੰਧਤ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੇ ਪਰਿਵਾਰ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਤੋਂ ਬਾਅਦ ਉਸ ’ਤੇ ਮੁਆਫ਼ੀ ਮੰਗਣ ਲਈ ਦਬਾਅ ਪਾਉਣ ਦੇ ਦੋਸ਼ ਲਗਾਏ ਗਏ ਸਨ। ਉਨ੍ਹਾਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਇਸੇ ਤਰ੍ਹਾਂ ਉਨ੍ਹਾਂ ਸੰਗਰੂਰ ਵਿੱਚ ਮੋਹਨਜੀਤ ਸਿੰਘ ਨਾਲ ਸਬੰਧਤ ਮਾਮਲੇ ਵਿੱਚ ਹਿਰਾਸਤ ਦੌਰਾਨ ਤਸ਼ੱਦਦ ਦੇ ਲੱਗੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਰਕਾਰ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਨਿਰਪੱਖ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜ ਸੇਵੀਆਂ ਤੇ ਹੋਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

ਇਸ ਮੌਕੇ ਕਸ਼ਮੀਰ ਸਿੰਘ ਜਾਣੀਆਂ, ਨਿਰਮਲ ਸਿੰਘ ਨਿੰਮਾ ਲਹੌਰੀਆ, ਰਾਜਦੀਪ ਸੈਣੀ, ਕ੍ਰਿਸ਼ਨ ਅਰੋੜਾ, ਮਨਜਿੰਦਰ ਸਿੰਘ ਸਰਜਾ, ਸੁਰਿੰਦਰ ਸੇਠ, ਚਰਨਜੀਤ ਸਿੰਘ ਟੀਟੋ, ਜਤਿੰਦਰ ਸਿੰਘ ਨਾਟੀ, ਪ੍ਰਤਾਪ ਸਿੰਘ ਮਲਹੋਤਰਾ ਕੌਂਸਲਰ, ਹੀਰਾ ਲਾਲ, ਅਵਤਾਰ ਸਿੰਘ ਟੱਕਰ, ਅਮਿਤ ਅਰੋੜਾ, ਕਮਲ ਢੀੰਗਰਾ, ਪਰਮਿੰਦਰ ਸਿੰਘ ਰੀਪਨ, ਅਰਵਿੰਦਰ ਸਿੰਘ ਪਿੰਟੂ, ਪਰਮਦੀਪ ਸਿੰਘ ਹੈਰੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments